ਹੁਸ਼ਿਆਰਪੁਰ- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ। 
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬੋਰਟਰੀ,  2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਹਾਸਲ ਹੋਵੇਗੀ।
 ਉਨ੍ਹਾਂ ਕਿਹਾ ਕਿ ਰੇਲਵੇ ਮੰਡੀ ਸਕੂਲ ਦਾ ਗੌਰਵਮਈ ਇਤਿਹਾਸ ਰਿਹਾ ਹੈ ਜਿਸ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਕਾਮਯਾਬ ਵਿਦਿਆਰਥਣਾਂ ਸਮਾਜ ਦੀ ਝੋਲੀ ਪਾਈਆਂ ਹਨ ਜਿਸ ਦਾ ਹੁਸ਼ਿਆਰਪੁਰ ਵਾਸੀਆਂ ਨੂੰ ਹਮੇਸ਼ਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਵਿਚ ਆਏ ਵੱਡੇ ਸੁਧਾਰਾਂ ਸਦਕਾ 2026 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ ਜੋ ਆਪਣੇ-ਆਪ ਵਿਚ ਵੱਡੀ ਪ੍ਰਾਪਤੀ ਹੈ। 
ਉਨ੍ਹਾਂ ਨੇ ਸਕੂਲ ਦੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਅਤੇ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦੀਆਂ ਸਨਮਾਨ ਵੀ ਕੀਤਾ।