ਨਵਾਂਸ਼ਹਿਰ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਲੁਧਿਆਣਾ ਵਿੱਚ ਇੱਕ ਵਾਰ ਫਿਰ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੇ ਅਪਮਾਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਸਮੁੱਚੇ ਪੰਜਾਬ ਵਿੱਚ ਚਿੰਤਾ ਅਤੇ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਲੁਧਿਆਣਾ ਵਿੱਚ ਅਜਿਹੀ ਇਹ ਤੀਜੀ ਘਟਨਾ ਦੱਸੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਇਹ ਇਸ ਤਰ੍ਹਾਂ ਦੀ 14ਵੀਂ ਘਟਨਾ ਹੈ, ਜੋ ਸੂਬੇ ਦੇ ਮਾਹੌਲ ਲਈ ਬੇਹੱਦ ਚਿੰਤਾਜਨਕ ਹੈ।

ਇਹ ਘਟਨਾਵਾਂ ਸਿਰਫ਼ ਕਿਸੇ ਬੁੱਤ ਨਾਲ ਛੇੜਛਾੜ ਦਾ ਮਾਮਲਾ ਨਹੀਂ ਹਨ। ਡਾ. ਅੰਬੇਡਕਰ ਜੀ ਦਾ ਅਪਮਾਨ ਕਿਸੇ ਇੱਕ ਵਿਅਕਤੀ ਜਾਂ ਇੱਕ ਵਰਗ ਦਾ ਅਪਮਾਨ ਨਹੀਂ, ਸਗੋਂ ਇਹ ਸੰਵਿਧਾਨਕ ਕਦਰਾਂ-ਕੀਮਤਾਂ, ਬਰਾਬਰੀ, ਨਿਆਂ ਅਤੇ ਸਮਾਜਿਕ ਸਨਮਾਨ ’ਤੇ ਸਿੱਧਾ ਹਮਲਾ ਹੈ। ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਦੱਬੇ-ਕੁਚਲੇ ਲੋਕਾਂ ਦੇ ਹੱਕਾਂ, ਸਿੱਖਿਆ ਅਤੇ ਸਮਾਜਿਕ ਬਰਾਬਰੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣਾ ਸਮੁੱਚੇ ਸਮਾਜ ਦੇ ਜ਼ਮੀਰ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ।

ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ ਆਗੂਆਂ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਹੁਣ ਬਿਲਕੁਲ ਵੀ ਬਰਦਾਸ਼ਤ ਨਾ ਕੀਤਾ ਜਾਵੇ।

ਪਾਰਟੀ ਮਿਸਲ ਸਤਲੁਜ ਵੱਲੋਂ ਵੀ ਇਸ ਘਟਨਾ ਦੀ ਘੋਰ ਨਿੰਦਾ ਕੀਤੀ ਗਈ ਹੈ। ਪਾਰਟੀ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਤੇਜਵਿੰਦਰ ਸਿੰਘ ਤੇਜੀ ਮਾਂਗਟ ਰੈਲਮਾਜਰਾ ਨੇ ਕਿਹਾ ਕਿ ਲੁਧਿਆਣਾ ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨਾਉਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਤੇਜੀ ਮਾਂਗਟ ਨੇ ਕਿਹਾ ਕਿ ਬਾਬਾ ਸਾਹਿਬ ਸਾਰਿਆਂ ਦੇ ਸਾਂਝੇ ਹਨ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਹਰ ਭਾਰਤੀ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਸਜ਼ਾ ਨਾ ਮਿਲੀ ਤਾਂ ਲੋਕਾਂ ਦਾ ਕਾਨੂੰਨ ਤੋਂ ਵਿਸ਼ਵਾਸ ਉੱਠ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਮਾਮਲੇ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਸਾਹਮਣੇ ਲਿਆਂਦਾ ਜਾਵੇ।