ਹੁਸ਼ਿਆਰਪੁਰ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਮੈਬਰ ਸਕੱਤਰ, ਪੰਜਾਬ ਸਟੇਟ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 13 ਸਤੰਬਰ, 2025 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ‘ਤੇ ਸਾਲ-2025 ਦੀ ਤੀਜੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ ਕੇਸ, ਅਪਰਾਧਿਕ ਕੰਪਾਊਂਡੇਬਲ ਕੇਸ, ਮਾਲੀਆ ਕੇਸ, 138 ਨੈਗੋਸ਼ੀਏਬਲ ਇੰਸਟ੍ਰੂਮੈਂਟ ਐਕਟ, ਪਰਿਵਾਰਕ ਮਾਮਲੇ, ਲੇਬਰ ਮਾਮਲੇ, ਬੈਂਕ ਕੇਸ (ਲੰਬਿਤ ਅਤੇ ਪ੍ਰੀ-ਲਿਟੀਗੇਟਿਵ) ਟੈਲੀਕਾਮ ਕੰਪਨੀਆਂ ਦੇ ਕੇਸ, ਪਾਣੀ ਦੇ ਬਿੱਲ (ਗੈਰ-ਕੰਪਾਊਂਡੇਬਲ ਨੂੰ ਛੱਡ ਕੇ), ਬਿਜਲੀ ਦੇ ਬਿੱਲ (ਗੈਰ-ਕੰਪਾਊਂਡੇਬਲ ਨੂੰ ਛੱਡ ਕੇ) ਅਤੇ ਹੋਰ ਕੇਸਾਂ ਦਾ ਨਿਪਟਾਰਾ ਕਰਾਉਣ ਸਬੰਧੀ ਕੇਸ ਰੱਖੇ ਜਾਣਗੇ ਅਤੇ ਇਸ ਲੋਕ ਅਦਾਲਤ ਵਿਚ ਕਚਹਿਰੀਆਂ ਵਿੱਚ ਪੈਡਿੰਗ ਅਤੇ ਪ੍ਰੀ-ਲੀਟਿਗੇਟਿਵ ਦੋਵੇ ਹੀ ਤਰ੍ਹਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ।
ਇਸੇ ਤਰ੍ਹਾਂ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕ ਅਦਾਲਤਾਂ ਵਿਚ ਕੇਸ ਲਗਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੀ ਕੋਈ ਵੀ ਅਪੀਲ ਨਹੀ ਲੱਗਦੀ। ਇਸ ਲਈ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀ ਕਰਵਾ ਕੇ ਲਾਭ ਪ੍ਰਾਪਤ ਕਰਨ।
ਸਾਲ ਦੀ ਤੀਜੀ ਕੌਮੀ ਲੋਕ ਅਦਾਲਤ 13 ਸਤੰਬਰ ਨੂੰ - ਜ਼ਿਲ੍ਹਾ ਤੇ ਸੈਸ਼ਨ ਜੱਜ
