ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਲੋਕਾਂ ਦੀ ਤੁਰੰਤ ਮਦਦ ਕਰਨ ਅਤੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਰਾਹ-ਵੀਰ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੇ ਅਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਜਨਾ ਤਹਿਤ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਜਾਨ ਬਚਾਉਣ ਵਿੱਚ ਮਦਦ ਕਰਨ ਵਾਲੇ ਯੋਗ ਵਿਅਕਤੀ ਨੂੰ 25,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾ ਸਕਦਾ ਹੈ। ਇਹ ਇਨਾਮ ਯੋਜਨਾ ਅਧੀਨ ਨਿਰਧਾਰਤ ਯੋਗਤਾ ਦੀਆਂ ਸ਼ਰਤਾਂ ਅਤੇ ਨਿਯਮਾਂ ਨੂੰ ਪੂਰਾ ਕਰਨ ’ਤੇ ਦਿੱਤਾ ਜਾਂਦਾ ਹੈ।

ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਹ ਕਿਸੇ ਸੜਕ ਹਾਦਸੇ ਨੂੰ ਵਾਪਰਦਾ ਦੇਖਦੇ ਹਨ, ਤਾਂ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਜ਼ਖ਼ਮੀ ਵਿਅਕਤੀ ਦੀ ਮਦਦ ਲਈ ਅੱਗੇ ਆਉਣ। ਇਸ ਦੇ ਨਾਲ ਹੀ ਤੁਰੰਤ ਐਂਬੂਲੈਂਸ ਜਾਂ ਹੋਰ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕਰਨ, ਤਾਂ ਜੋ ਜ਼ਖ਼ਮੀ ਨੂੰ ਜਲਦੀ ਤੋਂ ਜਲਦੀ ਹਸਪਤਾਲ ਪਹੁੰਚਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਦਾ ਪਹਿਲਾ ਇੱਕ ਘੰਟਾ, ਜਿਸ ਨੂੰ ‘ਗੋਲਡਨ ਆਵਰ’ ਕਿਹਾ ਜਾਂਦਾ ਹੈ, ਜ਼ਖ਼ਮੀ ਵਿਅਕਤੀ ਦੀ ਜਾਨ ਬਚਾਉਣ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਸਮੇਂ ਦੌਰਾਨ ਮਿਲਣ ਵਾਲੀ ਤੁਰੰਤ ਡਾਕਟਰੀ ਸਹਾਇਤਾ ਨਾਲ ਮੌਤ ਦਾ ਖ਼ਤਰਾ ਘਟਾਇਆ ਜਾ ਸਕਦਾ ਹੈ। ਇਸ ਲਈ ਹਾਦਸੇ ਸਮੇਂ ਲੋਕਾਂ ਦੀ ਤਤਪਰਤਾ ਅਤੇ ਸੰਵੇਦਨਸ਼ੀਲਤਾ ਕਿਸੇ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਲਾਗੂ ਕਾਨੂੰਨੀ ਵਿਵਸਥਾਵਾਂ ਅਨੁਸਾਰ, ਨੇਕ ਨੀਅਤ ਨਾਲ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਬੇਲੋੜੀਆਂ ਕਾਨੂੰਨੀ ਮੁਸ਼ਕਲਾਂ ਤੋਂ ਬਚਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਲੋਕ ਬਿਨਾਂ ਕਿਸੇ ਡਰ ਜਾਂ ਚਿੰਤਾ ਦੇ ਲੋੜਵੰਦਾਂ ਦੀ ਮਦਦ ਕਰ ਸਕਣ।

ਆਰਟੀਓ ਅਮਨਦੀਪ ਕੌਰ ਘੁੰਮਣ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਮਨੁੱਖਤਾ ਦੇ ਨਾਤੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ, ਕੀਮਤੀ ਜਾਨਾਂ ਬਚਾਉਣ ਵਿੱਚ ਯੋਗਦਾਨ ਪਾਉਣ ਅਤੇ ਰਾਹ-ਵੀਰ ਬਣ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ।