ਐਸ.ਏ.ਐਸ. ਨਗਰ (ਮੋਹਾਲੀ), 23 ਨਵੰਬਰ:- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਬੁਲਾਰੇ ਸ. ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਅੱਜ ਅਖ਼ਬਾਰਾਂ ਵਿੱਚ ਦਿੱਤਾ ਗਿਆ ਇਹ ਬਿਆਨ ਕਿ ਉਹ ਪੰਜਾਬ ਨੂੰ ਹਰਾਉਣਗੇ, ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਹਿਮਦ ਸ਼ਾਹ ਅਬਦਾਲੀ, ਮੁਹੰਮਦ ਗਜ਼ਨੀ ਅਤੇ ਹੋਰ ਲੁਟੇਰਿਆਂ ਸਮੇਤ ਦੁਨੀਆ ਭਰ ਤੋਂ ਆਏ ਧਾੜਵੀ ਪੰਜਾਬ ਨੂੰ ਜਿੱਤਣ ਦੇ ਇਰਾਦੇ ਨਾਲ ਵਾਰ-ਵਾਰ ਇੱਥੇ ਆਉਂਦੇ ਰਹੇ, ਪਰ ਪੰਜਾਬ ਗੁਰੂਆਂ ਦੇ ਨਾਮ 'ਤੇ ਵੱਸਦਾ ਹੈ ਅਤੇ ਹਮੇਸ਼ਾ ਡਟ ਕੇ ਖੜ੍ਹਾ ਰਿਹਾ ਹੈ। ਇੱਥੇ ਹਰ ਧਰਮ, ਜਾਤੀ ਅਤੇ ਫਿਰਕੇ ਦਾ ਸਤਿਕਾਰ ਕੀਤਾ ਜਾਂਦਾ ਹੈ। ਪੰਜਾਬ ਆਉਣ ਵਾਲੇ ਹਰ ਵਿਅਕਤੀ ਨੂੰ ਲੰਗਰ ਛਕਾਇਆ ਜਾਂਦਾ ਹੈ। ਪਰ ਪੰਜਾਬ ਨੂੰ ਹਰਾਉਣ ਦੀ ਨੀਅਤ ਨਾਲ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਪਹਿਲਾਂ ਪੰਜਾਬ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਹੈ। ਪੰਜਾਬ ਉੱਤੇ ਚੜ੍ਹ ਕੇ ਆਉਣ ਵਾਲਿਆਂ ਨੂੰ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਹੋਰ ਤਰੱਕੀ ਦੀ ਲੋੜ ਹੈ, ਪਰ ਕੇਂਦਰ ਸਰਕਾਰ ਇਸ ਦੀ ਤਰੱਕੀ ਦੇ ਰਾਹ ਵਿੱਚ ਵੱਡਾ ਰੋੜਾ ਬਣ ਰਹੀ ਹੈ। ਇਸ ਦੀ ਸਪੱਸ਼ਟ ਮਿਸਾਲ ਪੇਂਡੂ ਵਿਕਾਸ ਫੰਡ (RDF) ਦਾ ਪੈਸਾ ਰੋਕਣਾ ਅਤੇ ਕੁਦਰਤੀ ਆਫ਼ਤਾਂ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣਾ ਹੈ। ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਭਾਰੀ ਹੜ੍ਹਾਂ ਕਾਰਨ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕੁਦਰਤੀ ਆਫ਼ਤ ਪ੍ਰਬੰਧਨ ਰਾਹੀਂ ਪੰਜਾਬ ਦੀ ਕੋਈ ਮਦਦ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫੰਡ ਦੇ 10 ਹਜ਼ਾਰ ਕਰੋੜ ਰੁਪਏ ਰੋਕਣਾ ਪਿੰਡਾਂ ਦੇ ਵਿਕਾਸ ਨੂੰ ਰੋਕਣ ਦੇ ਬਰਾਬਰ ਹੈ। ਇਸ ਤੋਂ ਇਲਾਵਾ ਜੀਐੱਸਟੀ, ਸਿੱਖਿਆ ਅਤੇ ਸਿਹਤ ਮਿਸ਼ਨ ਤਹਿਤ ਵੀ ਪੰਜਾਬ ਨੂੰ ਬਹੁਤ ਘੱਟ ਪੈਸਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਗੁਜਰਾਤ ਤੋਂ ਪੰਜਾਬ ਵਿੱਚ ਆ ਰਹੇ ਨਸ਼ਿਆਂ ਨੂੰ ਰੋਕਣ ਲਈ ਕੋਈ ਵਿਸ਼ੇਸ਼ ਉਪਰਾਲੇ ਨਹੀਂ ਕੀਤੇ ਜਾ ਰਹੇ। ਅੱਜ ਭਾਜਪਾ ਨਸ਼ਿਆਂ ਨੂੰ ਰੋਕਣ ਦੀ ਗੱਲ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ, ਜਦਕਿ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਆਉਂਦੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ਵਿੱਚ ਡਰੋਨਾਂ ਰਾਹੀਂ ਨਸ਼ੇ ਪਹੁੰਚ ਰਹੇ ਹਨ। ਅੰਤਰਰਾਸ਼ਟਰੀ ਪੱਧਰ 'ਤੇ ਅਡਾਨੀ ਦੇ ਮੁੰਦਰਾ ਬੰਦਰਗਾਹ ਤੋਂ ਹਜ਼ਾਰਾਂ ਕਿਲੋਗ੍ਰਾਮ ਨਸ਼ੀਲੇ ਪਦਾਰਥ ਫੜੇ ਗਏ ਹਨ, ਪਰ ਇਸ ਦੇ ਬਾਵਜੂਦ ਕਿਸੇ ਵਿਰੁੱਧ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ।
ਬਰਸਟ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਝੂਠ ਬੋਲ ਕੇ ਪੰਜਾਬ ਵਿੱਚ ਸੱਤਾ ਹਾਸਲ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਈਡੀ ਅਤੇ ਸੀਬੀਆਈ ਭਾਰਤੀ ਜਨਤਾ ਪਾਰਟੀ ਦੇ ਏਜੰਟ ਬਣ ਕੇ ਕੰਮ ਕਰ ਰਹੀਆਂ ਹਨ, ਜਿਸ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਇਸ ਦੇ ਬਾਵਜੂਦ ਭਾਜਪਾ ਪੰਜਾਬ ਵਿੱਚੋਂ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
