ਪਟਿਆਲਾ, 22 ਅਕਤੂਬਰ (ਮਨਪ੍ਰੀਤ ਸਿੰਘ):- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਦੇ ਵਿਰੋਧ ਵਿੱਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਭਰ ਵਿੱਚੋਂ ਪਹੁੰਚੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੇਰਕਾ ਬੂਥ ਕੋਲ ਵਿਸ਼ਾਲ ਧਰਨਾ ਦਿੱਤਾ ਅਤੇ ਮੇਨ ਲਾਈਟਾਂ ਵਾਲੇ ਚੌਕ ਤੱਕ ਰੋਸ ਮਾਰਚ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਸਿੰਘ ਭੱਠਲ, ਸੁਖਵਿੰਦਰ ਸਿੰਘ ਸੈਣੀ, ਖੁਸ਼ਵਿੰਦਰ ਸਿੰਘ ਕਪਿਲਾ, ਜਸਵਿੰਦਰ ਸਿੰਘ ਸੋਜਾ, ਗੁਰਮੇਲ ਸਿੰਘ ਵਿਰਕ, ਜਸਵੀਰ ਸਿੰਘ ਖੋਖਰ, ਹਰੀ ਸਿੰਘ ਟੋਹੜਾ, ਗੁਰਦੀਪ ਸਿੰਘ ਵਾਲੀਆ ਅਤੇ ਮਾਸਟਰ ਪਰਮਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਨਾ ਕਰਨਾ, ਪੈਨਸ਼ਨਰਾਂ ਅਤੇ ਅਣ-ਰਿਵਾਈਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ’ਤੇ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ, ਵੱਖ-ਵੱਖ ਕਿਸਮ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨਾ, ਏ.ਸੀ.ਪੀ. ਸਕੀਮ ਬਹਾਲ ਨਾ ਕਰਨਾ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਨਾ ਕਰਨਾ, ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਨਾ ਦੇਣਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਨਾ ਕਰਨਾ ਅਤੇ 16 ਮਈ 2023 ਦੀ ਨੀਤੀ ਰੱਦ ਕਰਕੇ ਵਿਸ਼ੇਸ਼ ਕਾਡਰ ਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ’ਤੇ ਸਿਵਲ ਸਰਵਿਸਿਜ਼ ਰੂਲਜ਼ ਤੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਨਾ ਕਰਨਾ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ।
ਤਾਲਮੇਲ ਕਮੇਟੀ ਦੇ ਆਗੂਆਂ ਸੰਤ ਰਾਮ ਚੀਮਾ, ਨਾਹਰ ਸਿੰਘ, ਗੁਰਪ੍ਰੀਤ ਪਨੇਸਰ, ਰਵਿੰਦਰ ਸ਼ਰਮਾ, ਦਰਸ਼ਨ ਸਿੰਘ, ਰਘਬੀਰ ਸਿੰਘ, ਰਾਜਪਾਲ ਸਿੰਘ ਲਸੋਈ ਅਤੇ ਪ੍ਰੇਮ ਕੁਮਾਰ ਪੰਜੋਲਾਂ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ 8 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਕੇ ਅਜਿਹਾ ਬਿਰਤਾਂਤ ਸਿਰਜ ਰਹੀ ਹੈ, ਜਿਵੇਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਗਏ ਹੋਣ। ਆਗੂਆਂ ਨੇ ਕਿਹਾ ਕਿ ਤਾਲਮੇਲ ਕਮੇਟੀ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ, ਮੋਹਣ ਸਿੰਘ ਸਮਾਣਾ, ਕ੍ਰਿਸ਼ਨ ਦੇਵ, ਰਾਮ ਚੰਦ ਧਾਮੋਮਾਜਰਾ, ਅਮਿਤ ਕੁਮਾਰ, ਲਖਬੀਰ ਸਿੰਘ, ਭੁਪਿੰਦਰ ਕੁਮਾਰ ਕੱਕੜ ਅਤੇ ਸਤਪਾਲ ਖਾਨਪੁਰ ਨੇ ਵੀ ਸੰਬੋਧਨ ਕੀਤਾ। ਜਮਹੂਰੀ ਕਿਸਾਨ ਸਭਾ ਵੱਲੋਂ ਦਰਸ਼ਨ ਬੇਲੂਮਾਜਰਾ ਆਦਿ ਨੇ ਵੀ ਇਸ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ।
