ਨਵਾਂਸ਼ਹਿਰ, 7 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਂਠ ਰੱਤੇਵਾਲ (ਰਿਟਾਇਰਡ ਆਈਪੀਐੱਸ) ਅਤੇ ਸੀਨੀਅਰ ਭਾਜਪਾ ਆਗੂ ਸ਼ੁਭਾਸ਼ ਬਾਂਠ ਰੱਤੇਵਾਲ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀ ਸਿਆਸਤ ਵਿੱਚ ਵੱਡਾ ਮੋੜ ਹੈ ਅਤੇ ਇਸ ਨਾਲ ਪਾਰਟੀ ਦੀ ਅੰਦਰੂਨੀ ਸਥਿਤੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਬਦਲਾਅ ਅਤੇ ਇਮਾਨਦਾਰ ਰਾਜਨੀਤੀ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਪਾਰਟੀ ਦੇ ਆਪਣੇ ਹੀ ਆਗੂ ਹੁਣ ਉਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਦੂਜੀਆਂ ਪਾਰਟੀਆਂ ਵੱਲ ਰੁਖ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵਰਗੇ ਆਗੂਆਂ ਦਾ ਭਾਜਪਾ ਨਾਲ ਜੁੜਨਾ ਆਪ ਲਈ ਵੱਡਾ ਸਿਆਸੀ ਝਟਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ਸਰਕਾਰ ਨੂੰ ਮੌਕਾ ਦਿੱਤਾ ਸੀ, ਪਰ ਨਸ਼ਿਆਂ, ਬੇਰੁਜ਼ਗਾਰੀ, ਉਦਯੋਗਾਂ ਦੀ ਮੰਦੀ ਹਾਲਤ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੇ ਮੁੱਦੇ ਅੱਜ ਵੀ ਗੰਭੀਰ ਚੁਣੌਤੀਆਂ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿਆਸਤ ਸਿਰਫ਼ ਇਸ਼ਤਿਹਾਰਾਂ, ਭਾਸ਼ਣਾਂ ਅਤੇ ਚੋਣ ਵਾਅਦਿਆਂ ਨਾਲ ਨਹੀਂ ਚੱਲਦੀ, ਸਗੋਂ ਸਰਕਾਰ ਦੀ ਕਾਰਗੁਜ਼ਾਰੀ ਜ਼ਮੀਨੀ ਪੱਧਰ 'ਤੇ ਦਿਖਾਈ ਦੇਣੀ ਚਾਹੀਦੀ ਹੈ। ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਜਾ ਰਹੇ ਹਨ, ਵਪਾਰੀ ਵਰਗ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ ਅਤੇ ਨਸ਼ਿਆਂ ਦੀ ਸਮੱਸਿਆ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸਰਕਾਰ ਨੂੰ ਇਨ੍ਹਾਂ ਮੁੱਦਿਆਂ 'ਤੇ ਜਵਾਬਦੇਹ ਹੋਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਐੱਨ.ਡੀ.ਏ. ਦੀ ਸਰਕਾਰ ਬਣਾਉਣ ਦਾ ਸੰਕਲਪ ਸੂਬੇ ਲਈ ਨਵੀਂ ਉਮੀਦ ਹੈ। ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਉਦਯੋਗਾਂ ਨੂੰ ਹੁਲਾਰਾ ਦੇਣ ਅਤੇ ਆਰਥਿਕਤਾ ਮਜ਼ਬੂਤ ਕਰਨ ਲਈ ਵਚਨਬੱਧ ਹੈ। ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸਿਰਫ਼ ਐਲਾਨ ਨਾ ਕਰੇ, ਸਗੋਂ ਨਤੀਜੇ ਵੀ ਦੇਵੇ।
