ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਫੇਜ਼-7, ਫੇਜ਼-9 ਮੋਹਾਲੀ ਅਤੇ ਪਿੰਡ ਕੰਬਾਲਾ ਤੋਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈਆਂ ਇਨ੍ਹਾਂ ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਵਿੱਚ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਲੋਕ-ਹਿਤੈਸ਼ੀ ਸੋਚ ਦਾ ਹਿੱਸਾ ਹੈ, ਜਿਸ ਰਾਹੀਂ ਸੂਬੇ ਦੇ ਸੀਨੀਅਰ ਨਾਗਰਿਕਾਂ ਅਤੇ ਹੋਰ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਈ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਪਾਉਂਦੇ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਜਿਹੇ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾਂਦੇ ਹਨ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ, ਬਿਜਲੀ, ਆਵਾਜਾਈ ਅਤੇ ਹੋਰ ਖੇਤਰਾਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਦਾ ਇਹ ਉਪਰਾਲਾ ਸਰਕਾਰ ਦੀ ਲੋਕਾਂ ਨਾਲ ਸਿੱਧੀ ਸਾਂਝ ਨੂੰ ਦਰਸਾਉਂਦਾ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਨਾਗਰਿਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ।

ਅੱਜ ਰਵਾਨਾ ਕੀਤੀਆਂ ਗਈਆਂ ਤਿੰਨ ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮੇਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਹੋਰ ਲੋਕ-ਭਲਾਈ ਯੋਜਨਾਵਾਂ ਨੂੰ ਵੀ ਲਗਾਤਾਰ ਲਾਗੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।

ਉਨ੍ਹਾਂ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ, ਸਦਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਇਸ ਯਾਤਰਾ ਦਾ ਸੁਖਦ ਅਨੁਭਵ ਪ੍ਰਾਪਤ ਕਰਨ।

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਧਾਨ ਸਭਾ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਹਰਵਿੰਦਰ ਕੌਰ ਲੰਗ, ਮਨਮੋਹਨ ਸਿੰਘ ਲੰਗ, ਵਿਕਰਮ ਸਿੰਘ ਸੰਧੂ, ਬਲਜਿੰਦਰ ਸਿੰਘ ਕੰਬਾਲਾ, ਅਵਤਾਰ ਸਿੰਘ, ਗੁਰਮੁਖ ਸਿੰਘ ਸਰਪੰਚ ਕੰਬਾਲਾ, ਰਮਨਪ੍ਰੀਤ ਕੌਰ ਕੁੰਭੜਾ ਕੌਂਸਲਰ, ਹਰਮੇਸ਼ ਸਿੰਘ ਕੁੰਭੜਾ, ਦਰਸ਼ਨ ਸਿੰਘ ਮਟੋਰ, ਤਰਲੋਚਨ ਸਿੰਘ ਮਟੋਰ, ਚੇਅਰਮੈਨ ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੋਰ ਅਤੇ ਪ੍ਰਬਜੀਤ ਸਿੰਘ ਬੋਪਾਰਾਏ ਵੀ ਹਾਜ਼ਰ ਸਨ।