ਲਾਲੜੂ, 12 ਨਵੰਬਰ (ਸੰਜੀਵ ਸਿੰਘ ਸੈਣੀ):- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਲਾਲੜੂ ਤੋਂ ਦੋ ਅਤੇ ਪਿੰਡ ਅਮਲਾਲਾ ਤੋਂ ਇੱਕ ਬੱਸ ਸਮੇਤ ਕੁੱਲ ਤਿੰਨ ਬੱਸਾਂ ਸ਼ਰਧਾਲੂਆਂ ਦੇ ਜਥਿਆਂ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਰ ਵਰਗ ਦੀ ਸਹੂਲਤ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ. ਜ਼ੋਰਾਵਰ ਸਿੰਘ, ਸਰਪੰਚ ਸ. ਹਰਿੰਦਰ ਸਿੰਘ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਸ਼੍ਰੀਮਤੀ ਕੁਲਵੰਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ. ਸਤਵੰਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਰਹੇ।