ਮੋਹਾਲੀ, 22 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਬੱਸਾਂ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ।
ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਰਵਾਨਾ ਕੀਤੀਆਂ ਗਈਆਂ ਇਨ੍ਹਾਂ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੋਹਾਲੀ ਵਿਧਾਨ ਸਭਾ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਅਤੇ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਵੱਲੋਂ ਸਾਂਝੇ ਤੌਰ ’ਤੇ ਹਰੀ ਝੰਡੀ ਦਿਖਾਈ ਗਈ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਗੱਲ ਕਰਦਿਆਂ ਸਟੇਟ ਐਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਮੋਟੇ ਮਾਜਰਾ ਤੋਂ ਰਜਿੰਦਰ ਸਿੰਘ ਦੀ ਅਗਵਾਈ ਹੇਠ, ਫੇਜ਼-4 ਤੋਂ ਕੌਂਸਲਰ ਗੁਰਮੁਖ ਸਿੰਘ ਸੋਹਲ ਦੀ ਰਹਿਨੁਮਾਈ ਹੇਠ ਅਤੇ ਫੇਜ਼-11 ਤੋਂ ਕੌਂਸਲਰ ਅਮਰਜੀਤ ਸਿੰਘ ਦੀ ਰਹਿਨੁਮਾਈ ਹੇਠ ਇਹ ਬੱਸਾਂ ਰਵਾਨਾ ਕੀਤੀਆਂ ਗਈਆਂ।
ਫੂਲਰਾਜ ਸਿੰਘ ਨੇ ਦੱਸਿਆ ਕਿ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਵਾਪਸ ਮੋਹਾਲੀ ਪਰਤਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਬੱਸਾਂ ਨੂੰ ਹਰੀ ਝੰਡੀ ਦੇਣ ਦੌਰਾਨ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਫੂਲਰਾਜ ਸਿੰਘ ਨੇ ਕਿਹਾ ਕਿ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹੀ ਯਾਤਰਾ ਸ਼ੁਰੂ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਦਿਲਚਸਪੀ ਲੈ ਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਹਰ ਸੀਨੀਅਰ ਸਿਟੀਜ਼ਨ ਇਸ ਤੀਰਥ ਯਾਤਰਾ ’ਤੇ ਜਾ ਕੇ ਆਪਣਾ ਜੀਵਨ ਸਫਲ ਬਣਾ ਸਕੇ।
ਉਨ੍ਹਾਂ ਕਿਹਾ ਕਿ ਇਸ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦਾ ਪੰਜਾਬ ਸਰਕਾਰ ਵੱਲੋਂ ਪੂਰਾ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਲਈ ਖਾਣ-ਪੀਣ, ਰਹਿਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਯਾਤਰਾ ਦੌਰਾਨ ਸੀਨੀਅਰ ਸਿਟੀਜ਼ਨਾਂ ਨੂੰ ਜਾਣਕਾਰੀ ਦੇਣ ਲਈ ਗਾਈਡ ਵੀ ਹਰ ਵੇਲੇ ਉਪਲਬਧ ਰਹਿੰਦਾ ਹੈ, ਜੋ ਉਨ੍ਹਾਂ ਨੂੰ ਇਨ੍ਹਾਂ ਧਾਰਮਿਕ ਸਥਾਨਾਂ ਦੀ ਇਤਿਹਾਸਕ ਮਹੱਤਤਾ ਬਾਰੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਂਦਾ ਹੈ।
ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ। ਯਾਤਰਾ ਤੋਂ ਵਾਪਸ ਆਉਣ ਮਗਰੋਂ ਸ਼ਰਧਾਲੂ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਫੋਨ ਕਰਕੇ ਇਸ ਯਾਤਰਾ ਲਈ ਨਿਯਮਿਤ ਤੌਰ ’ਤੇ ਧੰਨਵਾਦ ਪ੍ਰਗਟਾਉਂਦੇ ਹਨ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਅਤੇ ਦਾਅਵੇ ਤਾਂ ਕੀਤੇ ਜਾਂਦੇ ਰਹੇ, ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ। ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਦੀ ਕਚਹਿਰੀ ਵਿੱਚ ਕੀਤੀਆਂ ਗਈਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ-ਇੱਕ ਗਰੰਟੀ ਪੂਰੀ ਕਰਨ ਤੋਂ ਬਾਅਦ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਚੱਲ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਡਾਂ ਲਈ ਲੋੜੀਂਦਾ ਸਾਮਾਨ ਅਤੇ ਵਧੀਆ ਕੋਚ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਆਪਣੀ ਖੇਡ ਕਲਾ ਨੂੰ ਨਿਖਾਰ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਅੱਜ ਸੀਨੀਅਰ ਸਿਟੀਜ਼ਨਾਂ ਦੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਸਮੇਂ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਦਿਖਾਈ ਦੇ ਰਹੀ ਖੁਸ਼ੀ ਅਤੇ ਤਸੱਲੀ ਦੇਖਣ ਵਾਲੀ ਸੀ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਸਮਰਥਕ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਦੀ ਸਪੱਸ਼ਟ ਗਵਾਹੀ ਹੈ।
