ਬਲਾਚੌਰ, 19 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਵਿਕਾਸ ਦੇ ਦਾਅਵਿਆਂ ਵਿਚਕਾਰ ਸੁੱਧਾਮਾਜਰਾ ਨੈਸ਼ਨਲ ਹਾਈਵੇ ਤੋਂ ਸ਼ੁਰੂ ਹੋ ਕੇ ਪਿੰਡ ਗਹੂੰਣ ਰਾਹੀਂ ਬਲਾਚੌਰ ਸ਼ਹਿਰ ਨੂੰ ਜੋੜਨ ਵਾਲੀ 18 ਫੁੱਟੀ ਸੜਕ ਦੀ ਬਦਤਰ ਹਾਲਤ ਇਲਾਕੇ ਦੇ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਹੈ। ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਇਆਂ ਨੇ ਇਸ ਦਾ ਵਜੂਦ ਹੀ ਲਗਭਗ ਖ਼ਤਮ ਕਰ ਦਿੱਤਾ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ ਨੂੰ ਸੜਕ ’ਤੇ ਆਸਾਨੀ ਨਾਲ ਸਫ਼ਰ ਕਰਨ ਦੀ ਬਜਾਏ ਟੋਇਆਂ ਤੋਂ ਬਚਣ ਲਈ ਜੱਦੋ-ਜਹਿਦ ਕਰਨੀ ਪੈਂਦੀ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਵਾਜਾਈ ਵਾਲੀ ਇਸ ਸੜਕ ਦੀ ਖਸਤਾ ਹਾਲਤ ਕਾਰਨ ਕਰੀਬ 30–40 ਪਿੰਡਾਂ ਦੇ ਵਸਨੀਕ ਭਾਰੀ ਪ੍ਰੇਸ਼ਾਨੀ ਝੱਲ ਰਹੇ ਹਨ।

ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਲੋਕਾਂ ਦੀ ਸਹੂਲਤ ਲਈ ਬਣਵਾਈ ਸੀ 18 ਫੁੱਟ ਚੌੜੀ ਸੜਕ

ਇਸ ਸਬੰਧੀ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸੜਕ ਪਹਿਲਾਂ ਕਾਫ਼ੀ ਛੋਟੀ ਸੀ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀ ਇਸ ਸਮੱਸਿਆ ਨੂੰ ਦੇਖਦਿਆਂ ਉਨ੍ਹਾਂ ਦੇ ਪਿਤਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਆਪਣੇ ਕਾਰਜਕਾਲ ਦੌਰਾਨ ਇਸ ਸੜਕ ਨੂੰ 18 ਫੁੱਟ ਚੌੜਾ ਬਣਵਾਇਆ ਸੀ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਤੋਂ ਬਾਅਦ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਸੜਕ ਦੀ ਕੋਈ ਸਾਰ ਨਹੀਂ ਲਈ ਗਈ, ਜਿਸ ਕਾਰਨ ਅੱਜ ਇਸ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ।

ਸੜਕ ਬਣਾਉਣ ਮਗਰੋਂ ਵਿਭਾਗ ਨੇ ਮੁੜ ਨਹੀਂ ਲਈ ਸਾਰ

ਇਲਾਕਾ ਵਾਸੀਆਂ ਅਨੁਸਾਰ ਇਹ ਸੜਕ ਮੰਡੀਕਰਨ ਵਿਭਾਗ ਦੇ ਅਧੀਨ ਆਉਂਦੀ ਹੈ। ਸੜਕ ਬਣਨ ਸਮੇਂ ਇਸ ਦੀ ਹਾਲਤ ਕਾਫ਼ੀ ਵਧੀਆ ਸੀ ਅਤੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੀ ਸੀ, ਪਰ ਉਸ ਤੋਂ ਬਾਅਦ ਇਸ ਦੀ ਮੁਰੰਮਤ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਗਿਆ। ਸਮੇਂ ਦੇ ਨਾਲ ਸੜਕ ਟੁੱਟਦੀ ਚਲੀ ਗਈ ਅਤੇ ਹੁਣ ਇਸ ਦੀ ਹਾਲਤ ਬੇਹੱਦ ਤਰਸਯੋਗ ਹੋ ਚੁੱਕੀ ਹੈ।

30–40 ਪਿੰਡਾਂ ਦੀ ਆਵਾਜਾਈ ਦਾ ਮੁੱਖ ਰਸਤਾ ਬਣਿਆ ਮੁਸੀਬਤ

ਇਹ ਸੜਕ ਸਿਰਫ਼ ਇੱਕ ਪਿੰਡ ਜਾਂ ਕੁਝ ਕੁ ਲੋਕਾਂ ਦੀ ਆਵਾਜਾਈ ਦਾ ਸਾਧਨ ਨਹੀਂ, ਸਗੋਂ ਬਲਾਚੌਰ ਸ਼ਹਿਰ ਨਾਲ ਜੁੜੇ ਕਰੀਬ 30 ਤੋਂ 40 ਪਿੰਡਾਂ ਦੇ ਲੋਕਾਂ ਲਈ ਅਹਿਮ ਸੰਪਰਕ ਮਾਰਗ ਹੈ। ਇਸ ਰਸਤੇ ਰਾਹੀਂ ਰੋਜ਼ਾਨਾ ਸਕੂਲੀ ਬੱਚੇ, ਅਧਿਆਪਕ, ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰ, ਦੁਕਾਨਦਾਰ ਅਤੇ ਹੋਰ ਵਾਹਨ ਚਾਲਕ ਆਉਂਦੇ-ਜਾਂਦੇ ਹਨ। ਕਾਰਾਂ, ਮੋਟਰਸਾਈਕਲਾਂ, ਟਰੈਕਟਰਾਂ ਅਤੇ ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਸੜਕ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ, ਪਰ ਮੌਜੂਦਾ ਹਾਲਾਤ ਵਿੱਚ ਇਹੀ ਰਸਤਾ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ।

ਟੋਇਆਂ ਤੋਂ ਬਚਦੇ ਵਾਹਨ ਚਾਲਕ, ਹਰ ਸਮੇਂ ਹਾਦਸੇ ਦਾ ਡਰ

ਸੜਕ ’ਤੇ ਬਣੇ ਡੂੰਘੇ ਟੋਇਆਂ ਕਾਰਨ ਵਾਹਨ ਚਾਲਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਾਫ਼ੀ ਸਾਵਧਾਨੀ ਵਰਤਣੀ ਪੈਂਦੀ ਹੈ। ਟੋਇਆਂ ਤੋਂ ਬਚਣ ਲਈ ਜਦੋਂ ਵਾਹਨ ਚਾਲਕ ਅਚਾਨਕ ਕੱਟ ਮਾਰਦੇ ਹਨ ਤਾਂ ਸਾਹਮਣੇ ਤੋਂ ਆ ਰਹੇ ਵਾਹਨਾਂ ਨਾਲ ਟੱਕਰ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਰਾਤ ਸਮੇਂ ਅਤੇ ਮੀਂਹ ਪੈਣ ਦੌਰਾਨ ਟੋਇਆਂ ਦੀ ਡੂੰਘਾਈ ਦਾ ਅੰਦਾਜ਼ਾ ਲਗਾਉਣਾ ਵੀ ਮੁਸ਼ਕਲ ਹੋ ਜਾਂਦਾ ਹੈ। ਇਸ ਕਾਰਨ ਦੋਪਹੀਆ ਵਾਹਨ ਚਾਲਕਾਂ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਵਿੱਚ ਵੀ ਚਿੰਤਾ ਪਾਈ ਜਾ ਰਹੀ ਹੈ।

ਖ਼ਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਨਹੀਂ ਜਾਗਿਆ ਪ੍ਰਸ਼ਾਸਨ

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸੜਕ ਦੀ ਬਦਤਰ ਹਾਲਤ ਸਬੰਧੀ ਪਹਿਲਾਂ ਵੀ ਕਈ ਵਾਰ ਖ਼ਬਰਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ ਅਤੇ ਸਬੰਧਤ ਵਿਭਾਗ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ ਗਿਆ ਹੈ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਨਿਕਲਿਆ। ਲੋਕਾਂ ਨੇ ਸਵਾਲ ਉਠਾਇਆ ਕਿ ਜਦੋਂ ਇੰਨੀ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਰੋਜ਼ਾਨਾ ਇਸ ਸੜਕ ਦੀ ਵਰਤੋਂ ਕਰਦੇ ਹਨ ਤਾਂ ਫਿਰ ਇਸ ਦੀ ਮੁਰੰਮਤ ਨੂੰ ਲੈ ਕੇ ਅਣਗਹਿਲੀ ਕਿਉਂ ਵਰਤੀ ਜਾ ਰਹੀ ਹੈ।

ਹਾਦਸੇ ਦੀ ਉਡੀਕ ਕਰਨ ਦੀ ਬਜਾਏ ਤੁਰੰਤ ਹੋਵੇ ਸੜਕ ਦੀ ਮੁਰੰਮਤ

ਇਲਾਕਾ ਵਾਸੀਆਂ ਨੇ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਮੌਜੂਦਾ ਹਾਲਤ ਦਾ ਤੁਰੰਤ ਜਾਇਜ਼ਾ ਲੈ ਕੇ ਇਸ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੜਕ ਦੇ ਟੋਇਆਂ ਨੂੰ ਸਿਰਫ਼ ਆਰਜ਼ੀ ਤੌਰ ’ਤੇ ਭਰਨ ਦੀ ਬਜਾਏ ਇਸ ਦੀ ਗੁਣਵੱਤਾ ਅਨੁਸਾਰ ਪੱਕੀ ਮੁਰੰਮਤ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀ ਇਸ ਮੁਸੀਬਤ ਤੋਂ ਨਿਜਾਤ ਮਿਲ ਸਕੇ। ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਲੋਕਾਂ ਦੀ ਇਸ ਗੰਭੀਰ ਸਮੱਸਿਆ ਦਾ ਹੱਲ ਕਦੋਂ ਕਰਦਾ ਹੈ।