ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਾਬਕਾ ਸੰਸਦ ਮੈਂਬਰ ਅਤੇ ਬਾਬਾ ਔਗੜ ਸ੍ਰੀ ਫਤਿਹਨਾਥ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦੀ ਅਗਵਾਈ ਹੇਠ ਟਰੱਸਟ ਵੱਲੋਂ ਚਲਾਏ ਜਾ ਰਹੇ ਬਾਬਾ ਔਗੜ ਗਰਲਜ਼ ਕਾਲਜ, ਜੇਜੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਾਜ਼ਰ ਟਰੱਸਟ ਦੇ ਅਹੁਦੇਦਾਰਾਂ, ਕਾਲਜ ਦੇ ਪ੍ਰਿੰਸੀਪਲ ਕਰਮਜੀਤ ਕੌਰ ਅਤੇ ਸਮੂਹ ਵਿਦਿਆਰਥਣਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਸਹਿਤ ਨਮਨ ਕੀਤਾ।

ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ਾਂ ਨੂੰ ਯਾਦ ਕੀਤਾ ਗਿਆ। ਉਨ੍ਹਾਂ ਦੀਆਂ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ ਗਿਆ। ਹਾਜ਼ਰ ਸਮੂਹ ਮੈਂਬਰਾਂ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਪਿਆਰ, ਬਰਾਬਰੀ, ਸੇਵਾ, ਸਦਭਾਵਨਾ ਅਤੇ ਮਨੁੱਖਤਾ ਦੀ ਭਲਾਈ ਦਾ ਰਾਹ ਦਿਖਾਉਂਦੀਆਂ ਹਨ।

ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ’ਤੇ ਚੱਲਦਿਆਂ ਸਮਾਜ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।