ਰਤੀਆ, 19 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਦਰ):- ਸ਼ਹੀਦ ਦੇਵਿੰਦਰ ਸਿੰਘ ਸਰਕਾਰੀ ਪੋਸਟ ਗ੍ਰੈਜੂਏਟ ਮਹਿਲਾ ਕਾਲਜ, ਰਤੀਆ ਵਿਖੇ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦੀ ਰੱਖਿਆ ਕਰਦਿਆਂ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਰਤੀਆ ਖੇਤਰ ਦੇ ਪਹਿਲੇ ਸ਼ਹੀਦ ਦੇਵਿੰਦਰ ਸਿੰਘ ਦੇ ਬਲੀਦਾਨ ਦਿਵਸ ਮੌਕੇ ਮਨਾਏ ਜਾ ਰਹੇ ਸ਼ਹੀਦੀ ਚੇਤਨਾ ਹਫ਼ਤੇ ਤਹਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੁਰਿੰਦਰ ਸਭਰਵਾਲ, ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੇ ਸ਼ਹੀਦ ਦੇਵਿੰਦਰ ਸਿੰਘ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਭਾਵਪੂਰਵਕ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕੀਤਾ।

ਬੀ.ਏ. ਅੰਤਿਮ ਸਾਲ ਦੀ ਵਿਦਿਆਰਥਣ ਮੁਸਕਾਨ ਕੌਰ ਨੇ ਸ਼ਹੀਦ ਦੇਵਿੰਦਰ ਸਿੰਘ ਦੇ ਜੀਵਨ, ਸੰਘਰਸ਼, ਬਹਾਦਰੀ ਅਤੇ ਦੇਸ਼ ਪ੍ਰਤੀ ਸਮਰਪਣ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕੌਮ ਦੇ ਇਤਿਹਾਸ ਵਿੱਚ ਹਮੇਸ਼ਾ ਅਮਰ ਰਹਿੰਦੀਆਂ ਹਨ। ਉਨ੍ਹਾਂ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ।

ਕਾਲਜ ਦੇ ਲੋਕ ਸੰਪਰਕ ਅਧਿਕਾਰੀ ਡਾ. ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਕਾਰਜਕਾਰੀ ਪ੍ਰਿੰਸੀਪਲ ਸੁਰਿੰਦਰ ਸਭਰਵਾਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਬਹਾਦਰ ਸੈਨਿਕਾਂ ਦਾ ਸਨਮਾਨ ਕਰਨਾ ਹਰ ਨਾਗਰਿਕ ਦਾ ਨੈਤਿਕ ਫਰਜ਼ ਹੈ। ਸਾਨੂੰ ਸ਼ਹੀਦਾਂ ਦੇ ਤਿਆਗ ਅਤੇ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਦੇਸ਼ ਭਗਤੀ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਡਾ. ਬੀਰਬਲ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥਣਾਂ ਨੂੰ ਸ਼ਹੀਦ ਦੇਵਿੰਦਰ ਸਿੰਘ ਦੀ ਦੇਸ਼ ਭਗਤੀ, ਹਿੰਮਤ ਅਤੇ ਦੇਸ਼ ਪ੍ਰਤੀ ਅਟੁੱਟ ਸਮਰਪਣ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਯਾਦਾਂ ਨੂੰ ਜਿਉਂਦਾ ਰੱਖਣਾ ਅਤੇ ਉਨ੍ਹਾਂ ਦੇ ਆਦਰਸ਼ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਇਸ ਮੌਕੇ ਡਾ. ਵਿਸ਼ਨੂੰ ਰਾਮ, ਪ੍ਰੋ. ਗੁਰਪਿੰਦਰ ਸਿੰਘ, ਡਾ. ਬਲਕਾਰ, ਡਾ. ਸੈਨ ਕੁਮਾਰ, ਡਾ. ਸਵਾਤੀ, ਪ੍ਰੋ. ਬਿੰਦੂ, ਡਾ. ਸੱਜਣ, ਹੋਰ ਸਟਾਫ਼ ਮੈਂਬਰ ਅਤੇ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ।