ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੁਲਿਸ ਸ਼ਹੀਦੀ ਸਮ੍ਰਿਤੀ ਦਿਵਸ ਮੌਕੇ ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਸ਼ਹੀਦ ਅਧਿਕਾਰੀਆਂ ਅਤੇ ਜਵਾਨਾਂ ਦੀਆਂ ਅਮੁੱਲ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀਆਂ ਕੁਰਬਾਨੀਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਬਣਾਈ ਰੱਖਣ ਦੇ ਇਤਿਹਾਸ ਦਾ ਮਾਣਮੱਤਾ ਅਧਿਆਇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਹਰ ਹਾਲਤ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸ਼ਹੀਦਾਂ ਦੇ ਪਰਿਵਾਰਾਂ ਸਮੇਤ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਐੱਸਐੱਸਪੀ ਨੇ ਕਿਹਾ ਕਿ ਪੰਜਾਬ ਪੁਲਿਸ ਲਈ ਇਹ ਮਾਣ ਦੀ ਗੱਲ ਹੈ ਕਿ ਸੂਬੇ ਦੇ ਕਈ ਅਧਿਕਾਰੀਆਂ ਅਤੇ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਦੀ ਵੀ ਪਰਵਾਹ ਨਹੀਂ ਕੀਤੀ। ਉਨ੍ਹਾਂ ਦੀਆਂ ਕੁਰਬਾਨੀਆਂ ਸਮੁੱਚੀ ਪੁਲਿਸ ਫੋਰਸ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਪੰਜਾਬ ਪੁਲਿਸ ਵਿੱਚ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਜਜ਼ਬਾ ਹੋਰ ਮਜ਼ਬੂਤ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ 21 ਅਕਤੂਬਰ ਨੂੰ ਵੱਖ-ਵੱਖ ਸੂਬਿਆਂ ਦੀ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਸ਼ਹੀਦ ਅਧਿਕਾਰੀਆਂ ਤੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਇਸੇ ਦਿਨ ਸਾਲ 1959 ਵਿੱਚ ਲੱਦਾਖ ਦੇ ਹੌਟ ਸਪ੍ਰਿੰਗਜ਼ ਨਾਮਕ ਸਥਾਨ ’ਤੇ ਸਬ-ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਵਾਲੀ ਸੀਆਰਪੀਐੱਫ ਦੀ ਟੁਕੜੀ ’ਤੇ ਚੀਨੀ ਸੈਨਿਕਾਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸ ਵਿੱਚ 10 ਜਵਾਨ ਸ਼ਹੀਦ ਹੋ ਗਏ ਸਨ।
ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਮਾਣ ਨੂੰ ਹਮੇਸ਼ਾ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਅਤੇ ਦਲੇਰ ਫੋਰਸ ਹੈ, ਜਿਸ ਨੇ ਹਿੰਮਤ ਅਤੇ ਹੌਸਲੇ ਨਾਲ ਅਤਿਵਾਦ ਵਰਗੇ ਖ਼ਤਰਿਆਂ ਅਤੇ ਹੋਰ ਚੁਣੌਤੀਪੂਰਨ ਹਾਲਾਤ ਦਾ ਸਾਹਮਣਾ ਕਰਦਿਆਂ ਹਰ ਮਿਸ਼ਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਹੀਦ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਕੁੱਲ 154 ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ, ਜਿਨ੍ਹਾਂ ਨੂੰ ਪੂਰਾ ਦੇਸ਼ ਨਮਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਹੈ ਅਤੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
ਸਮ੍ਰਿਤੀ ਦਿਵਸ ਮੌਕੇ ਸਾਰੇ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ ਗਏ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਇਸ ਤੋਂ ਪਹਿਲਾਂ ਸੋਗ ਪਰੇਡ ਦੌਰਾਨ ਸੋਗ ਸਲਾਮੀ ਦਿੱਤੀ ਗਈ। ਦੇਸ਼ ਦੇ ਵੱਖ-ਵੱਖ ਸੂਬਿਆਂ ਦੀ ਪੁਲਿਸ, ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਦੇ ਸ਼ਹੀਦ ਅਧਿਕਾਰੀਆਂ ਤੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਨਾਂ ਪੜ੍ਹੇ ਗਏ। ਇਸ ਮੌਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
