ਹੁਸ਼ਿਆਰਪੁਰ:- ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਹੋਏ ਇੱਕ ਸੜਕ ਹਾਦਸੇ ਵਿੱਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਛੋਟੇ ਬੱਚਿਆਂ ਨੂੰ ਨਾਲ ਲੈ ਕੇ ਮਹਾਰਾਜਾ ਪੈਲੇਸ ਵੱਲ ਜਾ ਰਿਹਾ ਸੀ। ਰਸਤੇ ਵਿੱਚ ਕਿਸੇ ਕਾਰਨ ਉਨ੍ਹਾਂ ਨੂੰ ਰੁਕਣਾ ਪਿਆ, ਜਿਸ ਕਰਕੇ ਨੌਜਵਾਨ ਨੇ ਆਪਣੀ ਐਕਟਿਵਾ ਸੜਕ ਦੇ ਇੱਕ ਪਾਸੇ ਰੋਕ ਲਈ।
ਨੌਜਵਾਨ ਐਕਟਿਵਾ ’ਤੇ ਹੀ ਬੈਠਾ ਰਿਹਾ। ਇੰਨੇ ਵਿੱਚ ਸਾਹਮਣੇ ਤੋਂ ਆਏ ਇੱਕ ਟਰੱਕ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਐਕਟਿਵਾ ਦੇ ਦੋ ਟੁਕੜੇ ਹੋ ਗਏ ਅਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਡੇਢ ਸਾਲ ਦਾ ਇੱਕ ਬੱਚਾ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤੀ ਗਈ ਹੈ।
ਮੁਲਜ਼ਮ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾਵੇ, ਤਾਂ ਜੋ ਮੁਲਜ਼ਮ ਡਰਾਈਵਰ ਦਾ ਪਤਾ ਲਗਾਇਆ ਜਾ ਸਕੇ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
