ਨਵਾਂਸ਼ਹਿਰ (ਦੇਸ ਰਾਜ ਬਾਲੀ):- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (PULSA), ਐੱਸ.ਏ.ਐੱਸ. ਨਗਰ ਦੇ ਮੈਂਬਰ ਸਕੱਤਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਦੇ ਨਿਰਦੇਸ਼ਾਂ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੀ ਅਗਵਾਈ ਹੇਠ 18 ਅਤੇ 19 ਨਵੰਬਰ 2026 ਨੂੰ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਅਧਿਆਪਕਾਂ ਲਈ ਬੱਚਿਆਂ ਦੀ ਸੁਰੱਖਿਆ ਅਤੇ ਪੋਕਸੋ (POCSO) ਐਕਟ ਸਬੰਧੀ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
ਇਸ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੌਰਾਨ ਨਿਆਂਇਕ ਅਧਿਕਾਰੀਆਂ, ਪੈਨਲ ਵਕੀਲਾਂ ਅਤੇ ਰਿਸੋਰਸ ਪਰਸਨਜ਼ ਵੱਲੋਂ NALSA ਅਤੇ PULSA ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA) ਵੱਲੋਂ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ‘ਸੁਰੱਖਿਅਤ ਬਚਪਨ ਅਭਿਆਨ’ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (POCSO Act-2012) ਅਤੇ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣਾ ਹੈ।
ਸਿਖਲਾਈ ਦੌਰਾਨ ਅਧਿਆਪਕਾਂ ਨੂੰ ਬਾਲ ਅਧਿਕਾਰਾਂ, ਪੋਕਸੋ ਐਕਟ ਦੀਆਂ ਮੁੱਢਲੀਆਂ ਧਾਰਾਵਾਂ, ਸੁਰੱਖਿਅਤ ਅਤੇ ਅਸੁਰੱਖਿਅਤ ਛੋਹ, ਸਾਈਬਰ ਸੁਰੱਖਿਆ, ਆਨਲਾਈਨ ਖਤਰਿਆਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ।
ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਜਾਂ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
