ਹਾਂਸੀ (ਦਿਨਕਰ ਗਾਵੜੀ):- ਭਾਰਤ ਦੀ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਨੂੰ ਸਫਲਤਾਪੂਰਵਕ, ਸੁਚਾਰੂ ਅਤੇ ਗਲਤੀ-ਰਹਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਡੀਸੀਓ ਹਰਿਆਣਾ ਵੱਲੋਂ ਜ਼ਿਲ੍ਹਾ ਪੱਧਰੀ ਅਧਿਕਾਰੀਆਂ, ਜਨਗਣਨਾ ਕਲਰਕਾਂ ਅਤੇ ਤਕਨੀਕੀ ਸਹਾਇਕਾਂ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਦੌਰਾਨ ਆਬਾਦੀ ਦੀ ਗਿਣਤੀ ਦੀ ਪ੍ਰਕਿਰਿਆ, ਨਿਰਧਾਰਤ ਦਿਸ਼ਾ-ਨਿਰਦੇਸ਼ਾਂ, ਤਕਨੀਕੀ ਕਾਰਜ-ਪ੍ਰਣਾਲੀ ਅਤੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਸਿਖਲਾਈ ਪ੍ਰੋਗਰਾਮ ਦੌਰਾਨ ਕੌਮੀ ਟ੍ਰੇਨਰ ਪ੍ਰਮੋਦ ਕੁਮਾਰ, ਮਾਸਟਰ ਟ੍ਰੇਨਰ ਹਿਮਾਂਸ਼ੂ ਸ਼ਰਮਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਹਰਦੀਪ ਨੇ ਜਨਗਣਨਾ ਦੇ ਦੂਜੇ ਪੜਾਅ ਨਾਲ ਜੁੜੇ ਵੱਖ-ਵੱਖ ਅਹਿਮ ਪਹਿਲੂਆਂ ਬਾਰੇ ਸਿਖਲਾਈ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਗਣਨਾ ਨਾਲ ਸਬੰਧਤ ਕੰਮ ਨਿਰਧਾਰਤ ਪ੍ਰਕਿਰਿਆ ਅਨੁਸਾਰ ਪੂਰਾ ਕਰਨ, ਆਪਸੀ ਤਾਲਮੇਲ ਬਣਾਈ ਰੱਖਣ ਅਤੇ ਕੰਮ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕਰਨ ਬਾਰੇ ਲੋੜੀਂਦੀ ਜਾਣਕਾਰੀ ਦਿੱਤੀ।

ਡਿਪਟੀ ਕਮਿਸ਼ਨਰ ਰਾਹੁਲ ਨਰਵਾਲ ਦੀ ਰਹਿਨੁਮਾਈ ਅਤੇ ਐਸਡੀਐਮ ਰਾਜੇਸ਼ ਖੋਥ ਦੇ ਨਿਰਦੇਸ਼ਾਂ ਹੇਠ ਕਰਵਾਈ ਗਈ ਇਸ ਸਿਖਲਾਈ ਦਾ ਉਦੇਸ਼ ਜਨਗਣਨਾ ਦੇ ਕੰਮ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਕਰਨਾ ਸੀ।

ਸਿਖਲਾਈ ਦੌਰਾਨ ਜਨਗਣਨਾ ਦੇ ਕੰਮ ਵਿੱਚ ਸ਼ੁੱਧਤਾ, ਸਮੇਂ ਸਿਰ ਕੰਮ ਪੂਰਾ ਕਰਨ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਜਨਗਣਨਾ-2027 ਦੇ ਦੂਜੇ ਪੜਾਅ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਪ੍ਰਭਾਵਸ਼ਾਲੀ ਢੰਗ ਨਾਲ ਪੂਰੀਆਂ ਕੀਤੀਆਂ ਜਾ ਸਕਣ।