ਪੱਟੀ:- ਪੱਟੀ ਦੇ ਖੇਮਕਰਨ ਚੁੰਗੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਹਬਾਜਪੁਰ ਦੇ ਪੰਜ ਵਿਅਕਤੀ ਕਾਰ ਵਿੱਚ ਸਵਾਰ ਹੋ ਕੇ ਐੱਸਜੀਆਈ ਪੈਲੇਸ ਵਿਖੇ ਆਪਣੇ ਦੋਸਤ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਏ ਸਨ। ਵਿਆਹ ਸਮਾਗਮ ਤੋਂ ਆਪਣੇ ਪਿੰਡ ਪਰਤਦੇ ਸਮੇਂ ਜਦੋਂ ਉਹ ਪੱਟੀ ਦੇ ਖੇਮਕਰਨ ਚੁੰਗੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ’ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਗੁਰਵਿੰਦਰ ਸਿੰਘ (48) ਪੁੱਤਰ ਹਰਭਜਨ ਸਿੰਘ ਅਤੇ ਸੁਖਜਿੰਦਰ ਸਿੰਘ ਪੁੱਤਰ ਨਿਰਵੈਰ ਸਿੰਘ, ਦੋਵੇਂ ਵਾਸੀ ਪਿੰਡ ਸ਼ਾਹਬਾਜਪੁਰ, ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਹਰਮਨ ਸਿੰਘ ਅਤੇ ਸਰਨਪਾਲ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸੰਧੂ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਸਰਨਪਾਲ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਅਰਸ਼ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮੁਖੀ ਪੱਟੀ ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਹਾਦਸੇ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦਰਦਨਾਕ ਹਾਦਸੇ ਕਾਰਨ ਪਿੰਡ ਸ਼ਾਹਬਾਜਪੁਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।