ਐਸ. ਏ. ਐਸ. ਨਗਰ, 19 ਜੂਨ- ਮੁਹਾਲੀ ਪੁਲੀਸ ਨੇ 11 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ. ਐਸ. ਪੀ. ਮੁਹਾਲੀ ਸ੍ਰੀ ਹਰਮਨਦੀਪ ਸਿੰਘ ਹੰਸ ਦੀਆਂ ਹਿਦਾਇਤਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮਨੋਜ ਵਾਸੀ ਬਰੇਲੀ ਯੂ. ਪੀ. (ਹਾਲ ਵਾਸੀ ਉਦਯੋਗਿਕ ਖੇਤਰ ਫੇਜ਼ 7 ਮੁਹਾਲੀ) ਅਤੇ ਸੰਤੋਸ਼ ਕੁਮਾਰ ਵਾਸੀ ਸੈਕਟਰ 71 ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਤੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਪੁਲੀਸ ਵੱਲੋਂ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21, 29-61-85 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇੱਕ ਵੱਖਰੇ ਮਾਮਲੇ ਵਿੱਚ ਬਲੌਂਗੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 1 ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਗੈਰ-ਸਮਾਜੀ ਅਨਸਰਾਂ, ਲੁੱਟੇ-ਖੋਹੇ ਅਤੇ ਚੋਰੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਬਲੌਂਗੀ ਪੁਲੀਸ ਦੀ ਟੀਮ ਵੱਲੋਂ ਗੁਰਬਚਨ ਸਿੰਘ ਉਰਫ਼ ਬਚਨਾ (ਵਾਸੀ ਰਵੀ ਕਰਿਆਣਾ ਸਟੋਰ ਦੇ ਸਾਹਮਣੇ ਬੜਮਾਜਰਾ ਕਲੋਨੀ) ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 1 ਮੋਟਰਸਾਈਕਲ (ਸਪਲੈਂਡਰ) ਬਰਾਮਦ ਕੀਤਾ ਗਿਆ ਹੈ।
ਇਸ ਸੰਬੰਧੀ ਬੀ. ਐਨ. ਐਸ. ਦੀ ਧਾਰਾ 303(2) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਗੁਰਬਚਨ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਲੀਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
11 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
