ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ:- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰੀ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਬੇਰੁਜ਼ਗਾਰਾਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਨਵੰਬਰ 2026 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਹਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਰਫ਼ ਉਹੀ ਵਿਅਕਤੀ ਯੋਗ ਹੋਣਗੇ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ-ਘੱਟ ਪੰਜਵੀਂ ਪਾਸ ਹੋਣ ਅਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਹੋਣ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ ਅਤੇ ਇਸ ਦੀ ਕੋਈ ਫੀਸ ਨਹੀਂ ਹੈ। ਇਸ ਤੋਂ ਇਲਾਵਾ, ਸਿਖਲਾਈ ਪੂਰੀ ਕਰਨ ਉਪਰੰਤ ਹਰੇਕ ਸਿਖਿਆਰਥੀ ਨੂੰ 3,500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਅਤੇ ਮਿਸ ਵਰਤਿਕਾ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਡੇਅਰੀ ਸਿਖਲਾਈ ਦਾ ਲਾਭ ਉਠਾਉਣ, ਵਿਭਾਗ ਦੀਆਂ ਸਕੀਮਾਂ ਦਾ ਪੂਰਾ ਫਾਇਦਾ ਲੈਣ ਅਤੇ ਆਪਣੇ ਡੇਅਰੀ ਕਾਰੋਬਾਰ ਨੂੰ ਵਪਾਰਕ ਲੀਹਾਂ ’ਤੇ ਲੈ ਕੇ ਜਾਣ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀਬਾੜੀ ਦੇ ਨਾਲ-ਨਾਲ ਚੰਗੇ ਕਾਰੋਬਾਰ ਵਜੋਂ ਡੇਅਰੀ ਦਾ ਧੰਦਾ ਵੀ ਅਪਣਾਉਣਾ ਚਾਹੀਦਾ ਹੈ। ਚਾਹਵਾਨ ਐਸ.ਸੀ. ਲਾਭਪਾਤਰੀ ਡਿਪਟੀ ਡਾਇਰੈਕਟਰ ਡੇਅਰੀ ਰਾਹੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ’ਤੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਆਪਣੀ ਅਰਜ਼ੀ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ 7009982900 ਜਾਂ 8221024797 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
