ਮੋਗਾ:- ਬੀਤੀ ਦੇਰ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ, ਮੋਗਾ ਵਿੱਚ ਇੱਕ ਦੁਕਾਨ ਦੇ ਬਾਹਰ ਕੁਝ ਨੌਜਵਾਨ ਬੈਠੇ ਹੋਏ ਸਨ। ਇਸ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉੱਥੇ ਮੌਜੂਦ ਨੌਜਵਾਨਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਇਸ ਫਾਇਰਿੰਗ ਕਾਰਨ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਵਿੱਚ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਦੀ ਮੌਤ ਹੋ ਗਈ, ਜਦਕਿ ਹੋਰ ਵਿਅਕਤੀ ਵੀ ਗੋਲੀਆਂ ਅਤੇ ਛਰਰਿਆਂ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਅਨੁਸਾਰ, ਪੀੜਤ ਧਿਰ ਵੱਲੋਂ ਕੁਝ ਵਿਅਕਤੀਆਂ ਦੇ ਨਾਮ ਵੀ ਪੁਲਿਸ ਨੂੰ ਦੱਸੇ ਗਏ ਹਨ। ਪੁਲਿਸ ਵੱਲੋਂ ਸਬੰਧਤ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ। ਡੀਜੀਪੀ ਗੌਰਵ ਯਾਦਵ ਨੇ ਸਪਸ਼ਟ ਕੀਤਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਗੋਲੀਕਾਂਡ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਹੁਣ ਸਭ ਦੀਆਂ ਨਜ਼ਰਾਂ ਪੁਲਿਸ ਜਾਂਚ ’ਤੇ ਟਿਕੀਆਂ ਹੋਈਆਂ ਹਨ, ਤਾਂ ਜੋ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਹੋ ਸਕੇ।
