ਲਾਲੜੂ, 18 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਪੰਡਵਾਲਾ, ਝਰਮੜੀ ਅਤੇ ਭਗਵਾਸੀ ਤੋਂ ਤਿੰਨ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਲੋਕ-ਪੱਖੀ ਉਪਰਾਲਿਆਂ ਨੂੰ ਅੱਗੇ ਵਧਾ ਰਹੀ ਹੈ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਸਬੰਧਤ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਦੇ ਚੇਅਰਮੈਨ ਅਤੇ ਮੈਂਬਰਾਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਆਗੂ ਵੀ ਹਾਜ਼ਰ ਸਨ।