ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਆਈ.ਆਰ. ਲਈ 1 ਅਕਤੂਬਰ 2026 ਨੂੰ ਯੋਗਤਾ ਮਿਤੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਘਰ-ਘਰ ਜਾ ਕੇ ਗਿਣਤੀ ਦਾ ਕੰਮ ਕੀਤਾ ਜਾਵੇਗਾ ਅਤੇ ਹਰ ਵੋਟਰ ਤੋਂ ਗਣਨਾ (ਐਨਿਊਮਰੇਸ਼ਨ) ਫਾਰਮ ਭਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜੇ ਕਿਸੇ ਘਰ ਵਿੱਚ ਵੋਟਰ ਗੈਰ-ਹਾਜ਼ਰ ਮਿਲਦਾ ਹੈ ਜਾਂ ਘਰ ਬੰਦ ਹੁੰਦਾ ਹੈ ਤਾਂ ਸੰਬੰਧਿਤ ਬੀਐਲਓ ਉਸ ਘਰ ਦਾ ਤਿੰਨ ਵਾਰ ਦੌਰਾ ਕਰੇਗਾ। ਪਹਿਲੇ ਦੌਰੇ ਦੌਰਾਨ ਬੀਐਲਓ ਆਪਣੇ ਅਗਲੇ ਦੌਰੇ ਦੀ ਜਾਣਕਾਰੀ ਘਰ ਦੇ ਦਰਵਾਜ਼ੇ ’ਤੇ ਚਿਸਪਾ ਕਰੇਗਾ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਆਸ਼ਿਕਾ ਜੈਨ ਨੇ ਦੱਸਿਆ ਕਿ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਪੂਰਾ ਕਰ ਲਿਆ ਜਾਵੇਗਾ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀ, ਉੱਥੇ ਨਵੇਂ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਲਈ ਪ੍ਰਸਤਾਵ ਤਿਆਰ ਕਰਕੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜੇ ਜਾਣਗੇ।
ਉਨ੍ਹਾਂ ਦੱਸਿਆ ਕਿ 3 ਅਗਸਤ 2026 ਨੂੰ ਵੋਟਰ ਸੂਚੀ ਦਾ ਡਰਾਫਟ ਪ੍ਰਕਾਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਜਾਵੇਗੀ ਅਤੇ ਜਿਨ੍ਹਾਂ ਦਾ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਉਹ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਫਾਰਮ-6 ਅਤੇ ਲੋੜੀਂਦਾ ਘੋਸ਼ਣਾ ਪੱਤਰ ਭਰ ਕੇ ਸਬੰਧਿਤ ਬੀਐਲਓ ਕੋਲ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਸੋਧ, ਨਾਮ ਤਬਦੀਲੀ ਜਾਂ ਹੋਰ ਸੁਧਾਰ ਲਈ ਫਾਰਮ-8 ਭਰਿਆ ਜਾ ਸਕਦਾ ਹੈ। ਹੋਰ ਰਾਜਾਂ ਤੋਂ ਤਬਦੀਲ ਹੋ ਕੇ ਜ਼ਿਲ੍ਹੇ ਵਿੱਚ ਰਹਿ ਰਹੇ ਨਾਗਰਿਕ ਵੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਧਰ ’ਤੇ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਤੋਂ ਬਾਅਦ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਐਸ.ਆਈ.ਆਰ. ਮੁਹਿੰਮ ਵਿੱਚ ਸਰਗਰਮ ਸਹਿਯੋਗ ਕਰਨ ਅਤੇ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਟੋਲ-ਫ੍ਰੀ ਹੈਲਪਲਾਈਨ ਨੰਬਰ 1950 ਦੀ ਵਿਵਸਥਾ ਕੀਤੀ ਗਈ ਹੈ, ਜੋ ਹਰ ਰੋਜ਼ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਉਪਲਬਧ ਰਹੇਗੀ। ਇਸ ਤੋਂ ਇਲਾਵਾ ਮੋਬਾਈਲ ਐਪ ਈ.ਸੀ.ਆਈ.ਨੈੱਟ ਦੀ ਵਰਤੋਂ ਕਰਕੇ ਐਪ ਵਿੱਚ ਉਪਲਬੱਧ ‘ਬੁੱਕ ਏ ਕਾਲ ਵਿਦ ਬੀਐਲਓ’ ਸੁਵਿਧਾ ਰਾਹੀਂ ਵੋਟਰ ਸਿੱਧੇ ਆਪਣੇ ਬੀਐਲਓ ਨਾਲ ਸੰਪਰਕ ਕਰਕੇ ਲੋੜੀਂਦਾ ਮਾਰਗਦਰਸ਼ਨ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਤਹਿਤ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਵਾਂਝਾ ਨਹੀਂ ਰਹੇਗਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
