ਚੰਡੀਗੜ੍ਹ, 28 ਅਕਤੂਬਰ:- ਹਰਿਆਣਾ ਸਰਕਾਰ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਲਈ ਆਮ ਬੇਰੁਜ਼ਗਾਰੀ ਭੱਤਾ ਯੋਜਨਾ ਤਹਿਤ ਸਾਲ 2026–27 ਲਈ 1 ਨਵੰਬਰ ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕਰੇਗੀ। ਯੋਗ ਨੌਜਵਾਨ 30 ਨਵੰਬਰ 2026 ਤੱਕ ਆਨਲਾਈਨ ਅਰਜ਼ੀ ਦੇ ਸਕਣਗੇ। ਨਿਰਧਾਰਤ ਆਖਰੀ ਮਿਤੀ ਤੋਂ ਬਾਅਦ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਜਨਾ ਤਹਿਤ ਬਾਰ੍ਹਵੀਂ ਪਾਸ ਜਾਂ ਦੋ ਸਾਲ ਦਾ ਸਰਟੀਫਿਕੇਟ ਜਾਂ ਡਿਪਲੋਮਾ ਧਾਰਕ ਨੌਜਵਾਨਾਂ ਨੂੰ 1,200 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਗ੍ਰੈਜੂਏਸ਼ਨ ਜਾਂ ਇਸ ਤੋਂ ਉੱਚੀ ਸਿੱਖਿਆ ਪ੍ਰਾਪਤ ਨੌਜਵਾਨਾਂ ਜਾਂ ਤਿੰਨ ਸਾਲ ਦਾ ਡਿਪਲੋਮਾ ਧਾਰਕਾਂ ਨੂੰ 2,000 ਰੁਪਏ ਪ੍ਰਤੀ ਮਹੀਨਾ ਭੱਤਾ ਮਿਲੇਗਾ।

ਯੋਗਤਾ ਦੀਆਂ ਸ਼ਰਤਾਂ ਬਾਰੇ ਬੁਲਾਰੇ ਨੇ ਦੱਸਿਆ ਕਿ ਬਿਨੈਕਾਰ ਦਾ ਹਰਿਆਣਾ ਦਾ ਮੂਲ ਨਿਵਾਸੀ ਹੋਣਾ ਅਤੇ 1 ਨਵੰਬਰ 2026 ਤੱਕ ਸੂਬੇ ਦੇ ਕਿਸੇ ਵੀ ਰੋਜ਼ਗਾਰ ਦਫ਼ਤਰ ਵਿੱਚ ਲਗਾਤਾਰ ਘੱਟੋ-ਘੱਟ ਤਿੰਨ ਸਾਲਾਂ ਤੋਂ ਰਜਿਸਟਰਡ ਹੋਣਾ ਲਾਜ਼ਮੀ ਹੈ। ਬਿਨੈਕਾਰ ਦੀ ਉਮਰ 21 ਤੋਂ 35 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਹ ਕਿਸੇ ਸੰਸਥਾ ਵਿੱਚ ਵਿਦਿਆਰਥੀ ਜਾਂ ਸਿਖਿਆਰਥੀ ਨਹੀਂ ਹੋਣਾ ਚਾਹੀਦਾ, ਨਾ ਹੀ ਸਵੈ-ਰੁਜ਼ਗਾਰ ਵਿੱਚ ਲੱਗਿਆ ਹੋਣਾ ਚਾਹੀਦਾ ਹੈ ਅਤੇ ਨਾ ਹੀ ਸਮਰੱਥ ਯੁਵਾ ਯੋਜਨਾ ਦਾ ਲਾਭਪਾਤਰੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਬਿਨੈਕਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਪਰਿਵਾਰ ਕੋਲ 10 ਲੱਖ ਰੁਪਏ ਤੋਂ ਵੱਧ ਮੁੱਲ ਦੀ ਰਿਹਾਇਸ਼ੀ ਜਾਂ ਵਪਾਰਕ ਜਾਇਦਾਦ ਜਾਂ ਦੋ ਹੈਕਟੇਅਰ ਤੋਂ ਵੱਧ ਖੇਤੀਬਾੜੀ ਵਾਲੀ ਜ਼ਮੀਨ ਵੀ ਨਹੀਂ ਹੋਣੀ ਚਾਹੀਦੀ।

ਇੱਛੁਕ ਨੌਜਵਾਨ ਵਿਭਾਗ ਦੀ ਵੈੱਬਸਾਈਟ hrex.gov.in ’ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਅਰਜ਼ੀ ਦੇ ਸਮੇਂ ਪਰਿਵਾਰ ਪਛਾਣ ਪੱਤਰ, ਆਧਾਰ ਕਾਰਡ, ਆਧਾਰ ਨਾਲ ਜੁੜੀ ਬੈਂਕ ਪਾਸਬੁੱਕ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਮਾਲ ਅਧਿਕਾਰੀ ਵੱਲੋਂ ਤਸਦੀਕ ਕੀਤਾ ਜਾਇਦਾਦ ਸਬੰਧੀ ਹਲਫ਼ਨਾਮਾ ਅਤੇ ਸਵੈ-ਘੋਸ਼ਣਾ ਪੱਤਰ ਨੱਥੀ ਕਰਨਾ ਲਾਜ਼ਮੀ ਹੈ। ਵਿਆਹੀਆਂ ਮਹਿਲਾ ਬਿਨੈਕਾਰਾਂ ਨੂੰ ਆਪਣੇ ਸਹੁਰੇ ਪਰਿਵਾਰ ਦਾ ਰਾਸ਼ਨ ਕਾਰਡ ਵੀ ਪੇਸ਼ ਕਰਨਾ ਹੋਵੇਗਾ।

ਬੁਲਾਰੇ ਨੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗੀ ਨਿਯਮਾਂ ਅਤੇ ਸ਼ਰਤਾਂ ਪੂਰੀਆਂ ਕਰਦੇ ਹੋਏ ਆਖਰੀ ਮਿਤੀ ਦੀ ਉਡੀਕ ਕੀਤੇ ਬਿਨਾਂ ਸਮੇਂ ਸਿਰ ਵੈੱਬਸਾਈਟ ’ਤੇ ਰਜਿਸਟ੍ਰੇਸ਼ਨ ਕਰਵਾ ਕੇ ਅਰਜ਼ੀ ਜਮ੍ਹਾਂ ਕਰਵਾਉਣ, ਤਾਂ ਜੋ ਉਹ ਯੋਜਨਾ ਦੇ ਲਾਭ ਤੋਂ ਵਾਂਝੇ ਨਾ ਰਹਿਣ।