ਚੰਡੀਗੜ੍ਹ/ਲੁਧਿਆਣਾ:- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੌਰੇ ’ਤੇ ਹਨ। ਇਸ ਦੌਰਾਨ ਉਹ ਲੁਧਿਆਣਾ ਪਹੁੰਚੇ ਅਤੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਤਿਹਾਸਕ ਗਿਰਾਵਟ ਆਈ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਕਸੂਰਵਾਰ ਨਾ ਠਹਿਰਾਇਆ ਜਾਵੇ।
ਇਸ ਤੋਂ ਪਹਿਲਾਂ ਉਹ ਅੱਜ ਸਵੇਰੇ ਚੰਡੀਗੜ੍ਹ ਏਅਰਪੋਰਟ ਪਹੁੰਚੇ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੌਹਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਆਉਣ ਨਾਲ ਉਨ੍ਹਾਂ ਦੇ ਮਨ ਵਿੱਚ ਖੁਸ਼ੀ, ਉਤਸ਼ਾਹ ਅਤੇ ਸ਼ਰਧਾ ਦਾ ਭਾਵ ਜਾਗਦਾ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸੁਨੇਹਾ ਸਮਾਜ ਲਈ ਬੇਹੱਦ ਮਹੱਤਵਪੂਰਨ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਦੌਰਾ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਸਮਰਪਿਤ ਹੈ। ਇਸ ਦੌਰਾਨ ਬਦਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਵਿੱਚ ਆਧੁਨਿਕ ਖੇਤੀਬਾੜੀ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰੋਗਰਾਮ ਵਿੱਚ ਯੂਰੀਆ ਦੇ ਬਦਲ ਵਜੋਂ ਗ੍ਰੀਨ ਅਮੋਨੀਆ ਤਕਨੀਕ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਰਜੀ ਊਰਜਾ ਰਾਹੀਂ ਗ੍ਰੀਨ ਅਮੋਨੀਆ ਤਿਆਰ ਕਰਨ ਦੀਆਂ ਸੰਭਾਵਨਾਵਾਂ ਅਤੇ ਖੇਤੀਬਾੜੀ ਵਿੱਚ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
