ਪਟਿਆਲਾ, 22 ਜੂਨ 2026:- ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ (ਰਜਿ.) ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਮੰਡੋਲੀ, ਸੂਬਾ ਜਨਰਲ ਸਕੱਤਰ ਵੀਰਪਾਲ ਸਿੰਘ ਬੰਮਣਾ ਅਤੇ ਮੀਤ ਪ੍ਰਧਾਨ ਮੇਜਰ ਸਿੰਘ ਬਹੇੜਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਚੇਅਰਮੈਨ ਅਤੇ ਖ਼ਜ਼ਾਨਾ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਕੇ ਜੰਗਲਾਤ ਵਿਭਾਗ ਅਧੀਨ ਕੰਮ ਕਰ ਰਹੇ ਦਿਹਾੜੀਦਾਰ ਕਾਮਿਆਂ ਨੂੰ ਇਨਸਾਫ ਦਿਵਾਉਣ ਲਈ ਮੰਗਾਂ ਰੱਖੀਆਂ ਗਈਆਂ ਸਨ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਕਈ ਕਾਮੇ ਪਿਛਲੇ ਦੋ ਦਹਾਕਿਆਂ ਤੋਂ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਪੱਕੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਰਤੀਆਂ ਦੀ ਸੇਵਾ ਦੌਰਾਨ 240 ਦਿਨਾਂ ਤੋਂ ਘੱਟ ਹਾਜ਼ਰੀ ਦਰਸਾਈ ਗਈ ਹੈ, ਉਨ੍ਹਾਂ ਦੀ ਪੂਰੀ ਸਾਲਾਨਾ ਸੇਵਾ ਨੂੰ ਗਿਣਦੇ ਹੋਏ ਰਹਿੰਦੇ ਸਾਰੇ ਕਾਮਿਆਂ ਨੂੰ ਵੀ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਨੇ ਯੂਨੀਅਨ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਹੈ ਕਿ ਜੰਗਲਾਤ ਵਿਭਾਗ ਦੇ ਰਹਿੰਦੇ ਕਿਰਤੀਆਂ ਨੂੰ ਪੱਕਾ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ 15 ਦਿਨਾਂ ਦੇ ਅੰਦਰ-ਅੰਦਰ ਰਹਿੰਦੇ ਕਾਮਿਆਂ ਦੀ ਰਿਪੋਰਟ ਵੀ ਮੰਗੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਸਕੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਦਿਹਾੜੀਦਾਰ ਕਾਮਿਆਂ ਦੀਆਂ ਜਾਇਜ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟਸ ਪੰਜਾਬ ਅਤੇ ਚੀਫ਼ ਸੈਕਟਰੀ ਵਣ, ਪੰਜਾਬ ਸਰਕਾਰ ਨਾਲ ਵਣ ਕੰਪਲੈਕਸ ਸੈਕਟਰ-68, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮੀਟਿੰਗਾਂ ਕਰ ਰਹੇ ਹਨ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਬੰਧਤ ਵਿਭਾਗ ਜੰਗਲਾਤ ਕਿਰਤੀਆਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਹੱਲ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਵੱਲੋਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਇਹ ਸੰਘਰਸ਼ ਵਿਧਾਨ ਸਭਾ ਹਲਕਾ-ਵਾਰ ਕੀਤਾ ਜਾਵੇਗਾ, ਜਿਸ ਦੀਆਂ ਤਰੀਕਾਂ ਦਾ ਐਲਾਨ ਜਥੇਬੰਦੀ ਦੀਆਂ ਮੀਟਿੰਗਾਂ ਤੋਂ ਬਾਅਦ ਕੀਤਾ ਜਾਵੇਗਾ।
ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੰਗਲਾਤ ਵਿਭਾਗ ਦੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਦਿਹਾੜੀਦਾਰ ਕਾਮਿਆਂ ਨੂੰ ਤੁਰੰਤ ਰੈਗੂਲਰ ਕਰਕੇ ਉਨ੍ਹਾਂ ਨੂੰ ਬਣਦੇ ਹੱਕ ਦਿੱਤੇ ਜਾਣ।
ਵਣ ਵਿਭਾਗ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਲਾਗੂ ਕਰਵਾਉਣ ਲਈ ਯੂਨੀਅਨ ਪੰਜਾਬ ਸਰਕਾਰ ਨਾਲ ਲਗਾਤਾਰ ਕਰ ਰਹੀ ਹੈ ਮੀਟਿੰਗਾਂ
