ਲੁਧਿਆਣਾ 20 ਨਵੰਬਰ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਨੌਵੇਂ ਸਿੱਖ ਗੁਰੂ ਸਾਹਿਬ ਦੇ ਜੀਵਨ, ਕੁਰਬਾਨੀ ਅਤੇ ਵਿਸ਼ਵਵਿਆਪੀ ਸੰਦੇਸ਼ ਦਾ ਸਨਮਾਨ ਕਰਨਾ ਸੀ, ਜਿਨ੍ਹਾਂ ਨੂੰ ਦੁਨੀਆਂ ਭਰ ਵਿੱਚ ਸਹਿਣਸ਼ੀਲਤਾ, ਨਿਆਂ ਅਤੇ ਮਨੁੱਖਤਾ ਦੇ ਪ੍ਰਤੀਕ ਵਜੋਂ ਸਤਿਕਾਰਿਆ ਜਾਂਦਾ ਹੈ।
ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਲਗਭਗ 200 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੈਮੀਨਾਰ ਵਿੱਚ ਸ਼ਿਰਕਤ ਕੀਤੀ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਇਸ ਪਹਿਲਕਦਮੀ ਲਈ ਸਟਡੀ ਸਰਕਲ ਦੀ ਟੀਮ  ਦੀ ਪ੍ਰਸੰਸਾ ਕੀਤੀ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਮਨੁੱਖੀ ਮਾਣ-ਸਨਮਾਨ ਦੀ ਰੱਖਿਆ ਲਈ ਬੇਮਿਸਾਲ ਹਿੰਮਤ ਅਤੇ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਇਤਿਹਾਸ ਦਾ ਸਿਰਫ਼ ਇੱਕ ਅਧਿਆਇ ਨਹੀਂ ਹੈ; ਇਹ ਸਾਰੀ ਮਨੁੱਖਤਾ ਲਈ ਇੱਕ ਮਾਰਗਦਰਸ਼ਕ ਚਾਨਣ ਹੈ।
ਡਾ. ਸਰਬਜੀਤ ਸਿੰਘ ਰੇਣੂਕਾ ਨੇ ਮੁੱਖ ਭਾਸ਼ਣ ਦਿੱਤਾ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਸਰਵ ਵਿਆਪਕ ਵਰਤਾਰੇ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਮਾਜਿਕ ਸਦਭਾਵਨਾ ਅਤੇ ਨੈਤਿਕ ਹਿੰਮਤ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੀ ਮਹੱਤਤਾ ਨੂੰ ਦ੍ਰਿਸ਼ਟੀਗੋਚਰ ਕੀਤਾ।ਸਟਡੀ ਸਰਕਲ ਦੇ ਸੰਸਥਾਪਕ ਚੇਅਰਮੈਨ ਸ. ਗੁਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਮੁੱਲ-ਅਧਾਰਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ ਵੈਟਨਰੀ ਵਰਸਿਟੀ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।
ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਅਤੇ ਸਟਡੀ ਸਰਕਲ ਦੇ ਅਹੁਦੇਦਾਰਾਂ ਨੇ ਵੀ ਇਸ ਮੌਕੇ 'ਤੇ ਸ਼ਿਰਕਤ ਕੀਤੀ।
ਡਾ. ਰਾਬਿੰਦਰ ਸਿੰਘ ਔਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਮੈਗਾ ਖੂਨਦਾਨ ਕੈਂਪ ਤੋਂ ਬਾਅਦ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਮਨਾਉਣ ਲਈ ਆਯੋਜਿਤ ਇਹ ਦੂਜਾ ਸਮਾਗਮ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵੈਟਨਰੀ ਵਰਸਿਟੀ ਦੇ ਆਉਣ ਵਾਲੇ ਯੁਵਕ ਮੇਲੇ ਦੇ ਸ਼ਬਦ ਗਾਇਨ ਮੁਕਾਬਲੇ ਵੀ ਇਸ ਮਹਾਨ ਕੁਰਬਾਨੀ ਨੂੰ ਸਮਰਪਿਤ ਹੋਣਗੇ।
ਡਾ. ਜਸਪਾਲ ਸਿੰਘ ਹੁੰਦਲ ਨੇ ਮੰਚ ਸੰਚਾਲਨ ਕੀਤਾ ਅਤੇ ਪ੍ਰੋਗਰਾਮ ਦੇ ਸੁਚਾਰੂ ਤਾਲਮੇਲ ਲਈ ਸਾਰਿਆਂ ਦਾ ਧੰਨਵਾਦ ਕੀਤਾ ।