ਨਵਾਂਸ਼ਹਿਰ, 17 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਜ਼ਿਲ੍ਹਾ ਪੁਲਿਸ ਵਿੱਚ ਸੇਵਾਵਾਂ ਨਿਭਾ ਰਹੇ ਸਬ-ਇੰਸਪੈਕਟਰ ਵਿਕਰਮ ਸਿੰਘ ਰੋੜੀ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤੁਸ਼ਾਰ ਗੁਪਤਾ ਨੇ ਉਨ੍ਹਾਂ ਦੇ ਮੋਢੇ 'ਤੇ ਇੰਸਪੈਕਟਰ ਦਾ ਸਟਾਰ ਲਗਾ ਕੇ ਵਧਾਈ ਦਿੱਤੀ।

ਇਸ ਮੌਕੇ ਐਸਐਸਪੀ ਤੁਸ਼ਾਰ ਗੁਪਤਾ ਨੇ ਕਿਹਾ ਕਿ ਤਰੱਕੀ ਦੇ ਨਾਲ ਜ਼ਿੰਮੇਵਾਰੀਆਂ ਵੀ ਵਧ ਜਾਂਦੀਆਂ ਹਨ। ਉਨ੍ਹਾਂ ਵਿਕਰਮ ਸਿੰਘ ਰੋੜੀ ਨੂੰ ਇਮਾਨਦਾਰੀ, ਮਿਹਨਤ ਅਤੇ ਲੋਕ-ਹਿੱਤ ਨੂੰ ਪਹਿਲ ਦੇ ਕੇ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣਾ ਹੈ। ਇਸ ਲਈ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਸਮਰਪਣ ਨਾਲ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਵਿਕਰਮ ਸਿੰਘ ਰੋੜੀ ਨੇ ਐਸਐਸਪੀ ਅਤੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।