ਪਟਿਆਲਾ, 9 ਅਪ੍ਰੈਲ - ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਰਾਜਪੁਰਾ ਦੇ ਪ੍ਰਾਈਮ ਸਿਨੇਮਾ ਦੇ ਮਾਲਕ-ਪ੍ਰਬੰਧਕਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਸਿਨੇਮਾ ਵਿਚ
ਚੋਣ ਜ਼ਾਬਤੇ ਦੇ ਬਾਵਜੂਦ ਪੰਜਾਬ ਸਰਕਾਰ ਦਾ ਇਸ਼ਤਿਹਾਰ ਵਿਖਾਇਆ ਜਾ ਰਿਹਾ ਸੀ। ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੌਰਾਨ ਪੰਜਾਬ ਦੇ ਪ੍ਰਮੁੱਖ ਸਿਨੇਮਾ ਘਰਾਂ ਵਿੱਚ ਦਿਖਾਏ ਜਾ ਰਹੇ ਸਰਕਾਰੀ ਇਸ਼ਤਿਹਾਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਚੋਣ ਕਮਿਸ਼ਨ ਦੇ ਇਸ਼ਾਰੇ 'ਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਮਾਲਕ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਕੇ ਭਾਰਤੀ ਚੋਣ ਕਮਿਸ਼ਨ ਨੂੰ ਵੀ ਭੇਜੀ ਜਾ ਰਹੀ ਹੈ। ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਇਹ ਕਾਰਵਾਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਪਟਿਆਲਾ ਦੀਆਂ ਸਿਫ਼ਾਰਸ਼ਾਂ 'ਤੇ ਕੀਤੀ ਹੈ।
ਸੀਈਓ ਦੇ ਦਫ਼ਤਰ ਨੂੰ 6 ਅਪ੍ਰੈਲ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਬਾਰੇ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ ਦੇ ਲੋਗੋ ਵਾਲੇ ਵੀਡੀਓ ਇਸ਼ਤਿਹਾਰ ਚਲਾ ਕੇ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਪਟਿਆਲਾ ਤੋਂ ਰਿਪੋਰਟ ਮੰਗੀ ਗਈ ਤੇ ਸਕੱਤਰ ਲੋਕ ਸੰਪਰਕ ਵਿਭਾਗ ਤੋਂ ਜਾਣਕਾਰੀ ਮਗਰੋਂ ਫਲਾਇੰਗ ਸਕੁਐਡ ਨੇ ਪ੍ਰਾਈਮ ਸਿਨੇਮਾ ਦਾ ਦੌਰਾ ਕੀਤਾ ਸੀ । 6 ਅਪ੍ਰੈਲ ਨੂੰ ਪਰਮਜੀਤ ਸਿੰਘ ਮੈਨੇਜਰ ਪ੍ਰਾਈਮ ਸਿਨੇਮਾ ਰਾਜਪੁਰਾ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਸੀ। ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਪਟਿਆਲਾ ਦੀਆਂ ਸਿਫ਼ਾਰਸ਼ਾਂ ’ਤੇ 8 ਅਪਰੈਲ ਨੂੰ ਪਟਿਆਲਾ ਪੁਲੀਸ ਨੇ ਪ੍ਰਾਈਮ ਸਿਨੇਮਾ ਅਤੇ ਕਿਊਬ ਸਿਨੇਮਾ ਦੇ ਮਾਲਕਾਂ ਅਤੇ ਪ੍ਰਬੰਧਕਾਂ ਖ਼ਿਲਾਫ਼ ਧਾਰਾ 188 ਆਈਪੀਸੀ ਅਤੇ 177 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ।
ਚੋਣ ਜ਼ਾਬਤੇ ਦੀ ਉਲੰਘਣਾ : ਰਾਜਪੁਰਾ ਦੇ ਪ੍ਰਾਈਮ ਸਿਨੇਮਾ ਦੇ ਮਾਲਕ ਖਿਲਾਫ ਮਾਮਲਾ ਦਰਜ
