ਨਵਾਂਸ਼ਹਿਰ, 7 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਐਨਐਸਕਿਊਐਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਅਧਿਆਪਕ ਸਾਥੀਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ਕਾਲੇ ਝੰਡੇ ਲਹਿਰਾ ਕੇ ਕਾਲੀ ਦੀਵਾਲੀ ਮਨਾਈ ਗਈ।
ਇਸ ਮੌਕੇ ਫਰੰਟ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਅਧਿਆਪਕਾਂ ਨੂੰ ਉਮੀਦ ਸੀ ਕਿ ਦੀਵਾਲੀ ਦੇ ਮੌਕੇ ਸਰਕਾਰ ਉਨ੍ਹਾਂ ਨੂੰ ਕੋਈ ਖੁਸ਼ਖਬਰੀ ਦੇਵੇਗੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਤਨਖਾਹਾਂ ਵਿੱਚ ਵਾਧਾ ਕਰਨ ਸਬੰਧੀ ਕੋਈ ਠੋਸ ਫੈਸਲਾ ਲਿਆ ਜਾਵੇਗਾ, ਪਰ ਅਧਿਆਪਕਾਂ ਦੇ ਹੱਥ ਸਿਰਫ਼ ਨਿਰਾਸ਼ਾ ਹੀ ਲੱਗੀ ਹੈ।
ਫਰੰਟ ਦੇ ਆਗੂਆਂ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਲਗਭਗ 18 ਮੀਟਿੰਗਾਂ ਅਤੇ ਸਬ-ਕਮੇਟੀ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸਿਆਂ ਅਤੇ ਲਾਰਿਆਂ ਤੋਂ ਇਲਾਵਾ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਅਧਿਆਪਕਾਂ ਦੀ ਨੌਕਰੀ ਦੀ ਸੁਰੱਖਿਆ, ਵਿਭਾਗ ਵਿੱਚ ਸ਼ਮੂਲੀਅਤ ਅਤੇ ਤਨਖਾਹਾਂ ਵਿੱਚ ਵਾਧੇ ਵਰਗੀਆਂ ਅਹਿਮ ਮੰਗਾਂ ਅਜੇ ਵੀ ਲਟਕ ਰਹੀਆਂ ਹਨ।
ਇਸੇ ਕਾਰਨ ਅਧਿਆਪਕਾਂ ਨੇ ਦੀਵਾਲੀ ਵਰਗੇ ਖੁਸ਼ੀ ਦੇ ਤਿਉਹਾਰ ਮੌਕੇ ਵੀ ਕਾਲੇ ਝੰਡੇ ਹੱਥਾਂ ਵਿੱਚ ਫੜ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਸਕੂਲਾਂ ਵਿੱਚ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦੇ ਰਹੀ।
ਅੰਤ ਵਿੱਚ ਫਰੰਟ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਫਰੰਟ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਅਗਲੇ ਐਕਸ਼ਨ ਉਲੀਕੇ ਜਾਣਗੇ। ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।
