ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਹੇਠ ਪਿੰਡ ਦੇਨੋਵਾਲ ਖੁਰਦ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜ਼ੋਰਦਾਰ ਸੁਨੇਹਾ ਦਿੱਤਾ।

ਗੜ੍ਹਸ਼ੰਕਰ ਦੇ ਐਸ.ਡੀ.ਐਮ. ਸੰਜੀਵ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਇਬਰਾਹੀਮਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੇਨੋਵਾਲ ਦੇ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਉਂਦਿਆਂ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਅਪੀਲ ਕੀਤੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਾਰਿਆਂ ਦੇ ਸਾਂਝੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ।

ਐਸ.ਡੀ.ਐਮ. ਸੰਜੀਵ ਕੁਮਾਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਖਾਤਮੇ ਲਈ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਮਾਜ ਵਿੱਚੋਂ ਨਾ ਸਿਰਫ਼ ਨਸ਼ਿਆਂ ਨੂੰ ਖਤਮ ਕੀਤਾ ਜਾ ਸਕਦਾ ਹੈ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਕੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਵੀ ਖੱਟਿਆ ਜਾ ਸਕਦਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਜਾਂ ਸਿਵਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਡੀ.ਐਸ.ਪੀ. ਕਮਲਜੀਤ ਸਿੰਘ, ਬੀ.ਡੀ.ਪੀ.ਓ. ਮਨਜਿੰਦਰ ਕੌਰ, ਪ੍ਰਿੰਸੀਪਲ ਨਿਰਮਲ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਬਲਵਿੰਦਰ ਸਿੰਘ ਢਿੱਲੋਂ ਆਦਿ ਵੀ ਮੌਜੂਦ ਸਨ।