ਸੰਗਰੂਰ, 16 ਨਵੰਬਰ:- ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੌਤ ਗਰੇਵਾਲ, ਆਈ.ਪੀ.ਐੱਸ., ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਹਿਰਾ ਪੁਲਿਸ ਸਬ-ਡਵੀਜ਼ਨ ਵੱਲੋਂ 7 ਤੋਂ 14 ਨਵੰਬਰ 2026 ਤੱਕ ਕੀਤੀ ਕਾਰਵਾਈ ਦੌਰਾਨ ਦੋ ਮੁਕੱਦਮੇ ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਠੇਕੇ ਦੀ ਦੇਸੀ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕੀਤੀਆਂ ਗਈਆਂ। ਇਸੇ ਅਰਸੇ ਦੌਰਾਨ ਨਸ਼ੇ ਦੀ ਆਦਤ ਨਾਲ ਜੂਝ ਰਹੇ ਇੱਕ ਵਿਅਕਤੀ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਦੌਰਾਨ 49 ਟ੍ਰੈਫਿਕ ਚਲਾਨ ਵੀ ਕੀਤੇ।

ਵਾਹਨਾਂ ਸਬੰਧੀ ਪੁਲਿਸ ਕਾਰਵਾਈ ਦਾ ਵੇਰਵਾ ਦਿੰਦਿਆਂ ਡਾ. ਗਰੇਵਾਲ ਨੇ ਦੱਸਿਆ ਕਿ 12 ਨਵੰਬਰ ਨੂੰ ਥਾਣਾ ਲਹਿਰਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 303(2) ਅਤੇ 317(2) ਤਹਿਤ ਮੁਕੱਦਮਾ ਨੰਬਰ 336 ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਰਮਨਦੀਪ ਸਿੰਘ ਅਤੇ ਮੰਗਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਉਨ੍ਹਾਂ ਕੋਲੋਂ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਇੱਕ ਮੋਟਰਸਾਈਕਲ ਅਤੇ ਕਾਲੇ ਰੰਗ ਦੀ ਐਕਟਿਵਾ ਸਕੂਟਰੀ ਬਰਾਮਦ ਕੀਤੀ ਗਈ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ, ਖੇਡ ਕਲੱਬਾਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਜਾਣਕਾਰੀ ਮਿਲਣ ’ਤੇ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦੀ ਕਾਰਵਾਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਜਾਰੀ ਰਹਿਣਗੇ।