ਹੁਸ਼ਿਆਰਪੁਰ:- ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਤਿਆਰ ਕੀਤਾ ਜਾਵੇਗਾ, ਜਿਸ ਤਹਿਤ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਰਾਹੀਂ ਦੇਸ਼ ਵਿੱਚ ਸਮਾਨਤਾ, ਨਿਆਂ ਅਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਮਹਾਨ ਚਿੰਤਕਾਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਰਕਾਂ ਦਾ ਨਿਰਮਾਣ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਰਕ ਇਲਾਕੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕਰੇਗਾ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਮਹਾਨ ਸ਼ਖਸੀਅਤਾਂ ਦੀ ਯਾਦ ਨੂੰ ਸਨਮਾਨਿਤ ਕਰਨ ਲਈ ਵੀ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਮੂਰਤੀ ਦੀ ਸਥਾਪਨਾ ਨਾਲ ਇਲਾਕੇ ਦੀ ਸੁੰਦਰਤਾ ਵਧੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਮਹਾਨ ਯੋਗਦਾਨ ਦੀ ਸਦਾ ਯਾਦ ਦਿਵਾਏਗੀ।
