ਜੈਤੋ, 17 ਜੂਨ (ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਦੌਰੇ ’ਤੇ ਗਏ ਉੱਚ ਪੱਧਰੀ ਵਫ਼ਦ ਦਾ ਉੱਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਵਫ਼ਦ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦਾ ਵਫ਼ਦ ਦਲ ਬਾਬਾ ਬਿਧੀਚੰਦ ਜੀ ਸੰਪ੍ਰਦਾ ਦੇ ਪੜਾਅ ਲੈਥਰੋਪ (ਕੈਲੀਫੋਰਨੀਆ), ਦਮਦਮੀ ਟਕਸਾਲ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਗੁਰਮਤਿ ਪ੍ਰਕਾਸ਼ ਮਨਟਿੱਕਾ, ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰੈਜ਼ਨੋ ਅਤੇ ਹੋਰ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰੈਜ਼ਨੋ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੇ ਆਪਣੀ ਮਿਹਨਤ, ਸਮਰਪਣ ਅਤੇ ਗੁਰੂ ਘਰ ਨਾਲ ਡੂੰਘੀ ਨਿਭਾਉ ਸਦਕਾ ਸਿੱਖੀ ਦੀ ਵਿਲੱਖਣ ਪਛਾਣ ਨੂੰ ਵਿਸ਼ਵ ਪੱਧਰ ’ਤੇ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਮਤਿ ਸਿਧਾਂਤਾਂ ਦੀ ਪ੍ਰਫੁੱਲਤਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਉਨ੍ਹਾਂ ਦਮਦਮੀ ਟਕਸਾਲ ਵੱਲੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਥਕ ਕਾਰਜਾਂ ਲਈ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਮੇਸ਼ਾ ਭਰਪੂਰ ਸਹਿਯੋਗ ਮਿਲਦਾ ਰਿਹਾ ਹੈ, ਜਿਸ ਲਈ ਉਹ ਸੰਸਥਾ ਦੇ ਧੰਨਵਾਦੀ ਹਨ।
ਇਸੇ ਦੌਰਾਨ ਦਲ ਬਾਬਾ ਬਿਧੀਚੰਦ ਸੰਪ੍ਰਦਾ ਦੇ ਪੜਾਅ ਲੈਥਰੋਪ ਵਿਖੇ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀਆਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਅਵਤਾਰ ਸਿੰਘ ਵੱਲੋਂ ਪੰਥਕ ਮਾਮਲਿਆਂ ਵਿੱਚ ਸ਼੍ਰੋਮਣੀ ਕਮੇਟੀ ਨੂੰ ਹਮੇਸ਼ਾ ਸਹਿਯੋਗ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਹਿਯੋਗ ਦੀ ਆਸ ਹੈ।
ਐਡਵੋਕੇਟ ਧਾਮੀ ਨੇ ਯੂਬਾ ਸਿਟੀ ਵਿਖੇ ਸਵਰਗੀ ਦੀਦਾਰ ਸਿੰਘ ਬੈਂਸ ਵੱਲੋਂ ਦਿੱਤੀ ਗਈ ਜ਼ਮੀਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੇ ਜਾ ਰਹੇ ਪ੍ਰੈੱਸ ਅਤੇ ਧਰਮ ਪ੍ਰਚਾਰ ਕੇਂਦਰ ਲਈ ਸਥਾਨਕ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸਥਾਨਕ ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ, ਧਾਰਮਿਕ ਅਤੇ ਵਿਦਿਅਕ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਸੰਸਥਾ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਮਾਗਮ ਦੌਰਾਨ ਬਾਬਾ ਜੋਗਿੰਦਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਸਾਹਿਬ ਸਿੰਘ, ਭਾਈ ਸਰਵਣ ਸਿੰਘ ਨਿਹੰਗ, ਭਾਈ ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
