ਬਲਾਚੌਰ, 21 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰਾ ਦੇ ਸਰਕਾਰੀ ਹਾਈ ਸਕੂਲ ਦੇ ਗਰਾਊਂਡ ਨੂੰ ਸਟੇਡੀਅਮ ਬਣਾਉਣ ਦੇ ਨਾਂ ’ਤੇ ਦਿਖਾਈ ਗਈ 25 ਲੱਖ ਰੁਪਏ ਦੀ ਲਾਗਤ ਹੁਣ ਵੱਡੇ ਵਿਵਾਦ ਦਾ ਰੂਪ ਧਾਰਨ ਕਰ ਗਈ ਹੈ। ਕਾਗਜ਼ਾਂ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣ ਗਿਆ, ਪਰ ਜ਼ਮੀਨੀ ਪੱਧਰ ’ਤੇ ਕੰਮ ਦਿਖਾਈ ਨਾ ਦੇਣ ਕਾਰਨ ਪਿੰਡ ਵਾਸੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ।
ਇਸੇ ਰੋਸ ਨੂੰ ਲੈ ਕੇ ਪਿੰਡ ਵਾਸੀਆਂ ਨੇ ਐਤਵਾਰ, 22 ਨਵੰਬਰ ਨੂੰ ਸਵੇਰੇ 10 ਵਜੇ ਸਰਕਾਰੀ ਹਾਈ ਸਕੂਲ, ਰੈਲ ਮਾਜਰਾ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਿੰਡ ਵਿੱਚ ਇਸ ਪ੍ਰਦਰਸ਼ਨ ਨੂੰ ਲੈ ਕੇ ਭਾਰੀ ਚਰਚਾ ਹੈ ਅਤੇ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਹ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਪਿੰਡ ਦੇ ਹੱਕਾਂ ਲਈ ਹੈ: ਤੇਜੀ ਮਾਂਗਟ
ਇਸ ਸਬੰਧੀ ਤੇਜੀ ਮਾਂਗਟ ਨੇ ਸਪੱਸ਼ਟ ਕੀਤਾ ਕਿ ਇਹ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਪਿੰਡ ਦੇ ਹੱਕਾਂ ਅਤੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਜਵਾਬਦੇਹੀ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ 25 ਲੱਖ ਰੁਪਏ ਖਰਚ ਹੋਏ ਹਨ ਤਾਂ ਲੋਕਾਂ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ ਇਹ ਪੈਸਾ ਕਿੱਥੇ ਅਤੇ ਕਿਵੇਂ ਖਰਚ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਸਿਰਫ਼ ਦਾਅਵੇ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਅਤੇ ਖਰਚੇ ਦਾ ਪੂਰਾ ਹਿਸਾਬ ਚਾਹੀਦਾ ਹੈ। ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਸਰਕਾਰ ਅਤੇ ਸਬੰਧਤ ਜ਼ਿੰਮੇਵਾਰ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ।
ਪਿੰਡ ਵਾਸੀਆਂ ਦੀ ਵੱਡੀ ਅਪੀਲ
ਪਿੰਡ ਵਾਸੀਆਂ ਅਤੇ ਤੇਜੀ ਮਾਂਗਟ ਵੱਲੋਂ ਸਮੂਹ ਪਿੰਡ ਵਾਸੀਆਂ, ਨੌਜਵਾਨਾਂ, ਖਿਡਾਰੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ਦਾ ਹਿੱਸਾ ਬਣਨ।
ਪਿੰਡ ਵਾਸੀਆਂ ਦਾ ਸਿੱਧਾ ਸਵਾਲ ਹੈ ਕਿ 25 ਲੱਖ ਰੁਪਏ ਕਿੱਥੇ ਖਰਚ ਹੋਏ? ਲੋਕਾਂ ਨੂੰ ਪੂਰਾ ਹਿਸਾਬ ਦਿੱਤਾ ਜਾਵੇ।
