ਡੇਰਾਬੱਸੀ, 28 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਸਮੱਗਰ ਸਿੱਖਿਆ ਅਭਿਆਨ ਤਹਿਤ ਸਕੂਲ ਆਫ਼ ਐਮੀਨੈਂਸ ਡੇਰਾਬੱਸੀ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਫਿਜ਼ਿਕਸ, ਕੈਮਿਸਟਰੀ ਅਤੇ ਬਾਇਓਲੋਜੀ ਦੀਆਂ ਤਿੰਨ ਲੈਬਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੈ। ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਦੀ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਆਪਣੇ ਸੁਪਨੇ ਪੂਰੇ ਕਰਨ ਦੇ ਮੌਕੇ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਇੰਸ ਲੈਬਾਂ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆ ਹਾਸਲ ਕਰਨ ਅਤੇ ਵਿਗਿਆਨਕ ਸੋਚ ਵਿਕਸਿਤ ਕਰਨ ਵਿੱਚ ਮਦਦ ਮਿਲੇਗੀ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲੀ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਆਧੁਨਿਕ ਤਕਨੀਕ ਦੀ ਵਰਤੋਂ ਅਤੇ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨਾ ਇਸ ਦਿਸ਼ਾ ਵਿੱਚ ਅਹਿਮ ਕਦਮ ਹੈ।
ਵਿਧਾਇਕ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਜਿਹੇ ਵਿਕਾਸ ਕਾਰਜ ਜਾਰੀ ਰਹਿਣਗੇ।
ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਸ੍ਰੀ ਆਸ਼ੂ ਉਪਨੇਜਾ, ਕੌਂਸਲਰ ਸ੍ਰੀ ਨਰੇਸ਼ ਉਪਨੇਜਾ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸ਼ਰਮਾ, ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
