ਹੁਸ਼ਿਆਰਪੁਰ (ਦਲਜੀਤ ਅਜਨੋਹਾ):-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਮੋਦੀ ਸਰਕਾਰ ਦੇ ਬਹੁਪੱਖੀ ਯਤਨਾਂ ਸਦਕਾ ਭਾਰਤ ਵਿੱਚ ਇੱਕ ਪਾਸੇ ਗਰੀਬੀ ਵਿੱਚ ਤੇਜ਼ੀ ਨਾਲ ਕਮੀ ਦਰਜ ਕੀਤੀ ਗਈ ਹੈ, ਉੱਥੇ ਹੀ ਬੇਰੁਜ਼ਗਾਰੀ ਦੀ ਦਰ ਵੀ ਘਟੀ ਹੈ। ਉਨ੍ਹਾਂ ਕਿਹਾ ਕਿ ਬਿਜ਼ਨਸ ਸਟੈਂਡਰਡ ਵਿੱਚ ਵਿਸ਼ਵ ਬੈਂਕ ਦੇ ਹਵਾਲੇ ਨਾਲ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਭਾਰਤ ਵਿੱਚ ਘਟ ਰਹੀ ਗਰੀਬੀ ਅਤੇ ਬੇਰੁਜ਼ਗਾਰੀ ਦੇ ਅੰਕੜੇ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਸਫਲ ਨੀਤੀਆਂ ਕਾਰਨ ਭਾਰਤ ਦੀ ਆਰਥਿਕ ਵਿਕਾਸ ਦਰ ਨੂੰ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਖਪਤ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਵਿੱਚ ਵੀ ਵਾਧਾ ਹੋਇਆ ਹੈ, ਜਿਸ ਦੇ ਨਤੀਜੇ ਵਜੋਂ 50 ਕਰੋੜ ਲੋਕ ਗਰੀਬੀ ਰੇਖਾ ਤੋਂ ਬਾਹਰ ਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਾਲ 2011 ਵਿੱਚ ਅਤਿ ਦੀ ਗਰੀਬੀ ਦੀ ਦਰ 27.1 ਫ਼ੀਸਦੀ ਦਰਜ ਕੀਤੀ ਗਈ ਸੀ, ਜੋ 2023 ਵਿੱਚ ਘਟ ਕੇ ਸਿਰਫ਼ 2.6 ਫ਼ੀਸਦੀ ਰਹਿ ਗਈ। ਇਸੇ ਤਰ੍ਹਾਂ, ਸਾਲ 2014 ਤੋਂ 2024 ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ 17 ਕਰੋੜ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ, ਜੋ ਸਾਲਾਨਾ ਔਸਤਨ 1.7 ਕਰੋੜ ਰੁਜ਼ਗਾਰ ਬਣਦੇ ਹਨ। ਉਨ੍ਹਾਂ ਅਨੁਸਾਰ ਬੇਰੁਜ਼ਗਾਰੀ ਦੀ ਦਰ 2015 ਵਿੱਚ 7.6 ਫ਼ੀਸਦੀ ਦਰਜ ਕੀਤੀ ਗਈ ਸੀ, ਜੋ 2015 ਵਿੱਚ ਘਟ ਕੇ 4.2 ਫ਼ੀਸਦੀ ਰਹਿ ਗਈ।
ਸ਼੍ਰੀ ਸੂਦ ਨੇ ਕਿਹਾ ਕਿ ਇਨ੍ਹਾਂ ਅੰਕੜਿਆਂ ’ਤੇ ਨਜ਼ਰ ਮਾਰਨ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਸੰਕਲਪ ਪੂਰਾ ਹੋਣ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੋਰਚੇ ’ਤੇ ਭਾਰਤ ਦੀ ਇਸ ਬੇਮਿਸਾਲ ਪ੍ਰਾਪਤੀ ਨੂੰ ਵਿਸ਼ਵ ਬੈਂਕ ਨੇ ਹੋਰ ਵਿਕਾਸਸ਼ੀਲ ਦੇਸ਼ਾਂ ਲਈ ਸਿੱਖਣਯੋਗ ਦੱਸਿਆ ਹੈ, ਜੋ ਭਾਰਤ ਵਾਸੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ।
