ਪਠਾਨਕੋਟ:- ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ ’ਤੇ ਪਠਾਨਕੋਟ ਸ਼ਹਿਰ ਦੇ ਡਾਊਨਟਾਊਨ ਇਲਾਕੇ ਨੇੜੇ ਬੰਦੂਕ ਦੀ ਨੋਕ ’ਤੇ ਇੱਕ ਚਿੱਟੀ ਮਹਿੰਦਰਾ XUV-500 ਕਾਰ ਲੁੱਟੇ ਜਾਣ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਖ਼ਾਸ ਕਰਕੇ ਪਠਾਨਕੋਟ ਤੋਂ ਕਠੂਆ, ਸਾਂਬਾ ਅਤੇ ਜੰਮੂ ਵੱਲ ਜਾਣ ਵਾਲੇ ਰਾਸ਼ਟਰੀ ਰਾਜਮਾਰਗ ’ਤੇ ਪੁਲਿਸ ਚੌਕੀਆਂ ਅਤੇ ਨਾਕਿਆਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਜੰਮੂ ਪੁਲਿਸ ਕੰਟਰੋਲ ਰੂਮ (ਪੀਸੀਆਰ) ਵੱਲੋਂ ਜਾਰੀ ਅਲਰਟ ਅਨੁਸਾਰ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਬੰਦੂਕ ਦੀ ਨੋਕ ’ਤੇ ਇੱਕ ਡਰਾਈਵਰ ਤੋਂ ਕਾਰ ਖੋਹਣ ਦੀ ਸੂਚਨਾ ਮਿਲੀ ਹੈ। ਲੁੱਟੀ ਗਈ ਕਾਰ ਦਾ ਰਜਿਸਟ੍ਰੇਸ਼ਨ ਨੰਬਰ PB35AA-9902 ਦੱਸਿਆ ਜਾ ਰਿਹਾ ਹੈ। ਇਹ ਚਿੱਟੇ ਰੰਗ ਦੀ ਮਹਿੰਦਰਾ XUV-500 ਹੈ ਅਤੇ ਮਿਲੀ ਜਾਣਕਾਰੀ ਅਨੁਸਾਰ ਇਹ ਕਾਰ ਸਰਹੱਦੀ ਖੇਤਰ ਬਮਿਆਲ ਦੇ ਇੱਕ ਨਿਵਾਸੀ ਦੀ ਹੈ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਪਠਾਨਕੋਟ ਤੋਂ ਕਠੂਆ, ਸਾਂਬਾ ਅਤੇ ਜੰਮੂ ਤੱਕ ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਸਬੰਧਤ ਥਾਣਿਆਂ ਦੇ ਮੁਖੀਆਂ, ਪੁਲਿਸ ਚੌਕੀਆਂ ਅਤੇ ਪੀਸੀਆਰ ਟੀਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਹਾਈਵੇਅ ’ਤੇ ਤਾਇਨਾਤ ਗਸ਼ਤੀ ਟੀਮਾਂ ਨੂੰ ਖ਼ਾਸ ਤੌਰ ’ਤੇ ਚਿੱਟੇ ਰੰਗ ਦੀਆਂ XUV-500 ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਕਿਸੇ ਵੀ ਸ਼ੱਕੀ ਵਾਹਨ ਨੂੰ ਤੁਰੰਤ ਰੋਕਣ ਲਈ ਕਿਹਾ ਗਿਆ ਹੈ। ਪੁਲਿਸ ਵੱਲੋਂ ਜਾਰੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਕਤ ਵਾਹਨ ਜਾਂ ਇਸ ਨਾਲ ਸਬੰਧਤ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੀਸੀਆਰ ਰਿਆਸੀ ਨੂੰ ਸੂਚਿਤ ਕੀਤਾ ਜਾਵੇ। ਉੱਧਰ, ਖੁਫੀਆ ਏਜੰਸੀਆਂ ਵੱਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸਰਹੱਦੀ ਇਲਾਕੇ ਦੇ ਨਿਵਾਸੀ ਦੀ ਕਾਰ ਹੋਣ ਕਾਰਨ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਲੁੱਟੀ ਗਈ ਗੱਡੀ ਦੀ ਵਰਤੋਂ ਕਿਸੇ ਅਪਰਾਧਿਕ ਜਾਂ ਅੱਤਵਾਦੀ ਗਤੀਵਿਧੀ ਵਿੱਚ ਕੀਤੀ ਜਾ ਸਕਦੀ ਹੈ। ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀ ਸ਼ਮੂਲੀਅਤ ਦੀ ਸੰਭਾਵਨਾ ਨੂੰ ਵੀ ਜਾਂਚ ਦੇ ਘੇਰੇ ਵਿੱਚ ਰੱਖਿਆ ਗਿਆ ਹੈ, ਹਾਲਾਂਕਿ ਅਜੇ ਤੱਕ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਹੋਈ ਹੈ।

ਇਸ ਸਬੰਧੀ ਸੁਜਾਨਪੁਰ ਥਾਣੇ ਦੇ ਇੰਚਾਰਜ ਅਰੁਣ ਸ਼ਰਮਾ ਨੇ ਕਾਰ ਲੁੱਟੇ ਜਾਣ ਦੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਲੁੱਟੀ ਗਈ ਕਾਰ ਦਾ ਪਤਾ ਲਗਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।