ਹੁਸ਼ਿਆਰਪੁਰ: ਹੁਸ਼ਿਆਰਪੁਰ ਸ਼ਹਿਰ ਦੇ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸ਼ਿਮਲਾ ਪਹਾੜੀ ਚੌਕ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਵੇਂ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਟਾਰਮ ਸੀਵਰ ਦਾ ਇਹ ਪ੍ਰੋਜੈਕਟ ਬਰਸਾਤਾਂ ਦੌਰਾਨ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਲਭਰਾਅ ਦੀ ਸਮੱਸਿਆ ਦਾ ਸਥਾਈ ਹੱਲ ਸਾਬਤ ਹੋਵੇਗਾ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਜਿੰਪਾ ਨੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰੀਬ 1 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਮਲਾ ਪਹਾੜੀ ਚੌਕ 'ਤੇ ਹਰ ਸਾਲ ਬਰਸਾਤ ਦੇ ਦਿਨਾਂ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਇਕੱਠਾ ਹੋ ਜਾਂਦਾ ਸੀ, ਜਿਸ ਕਾਰਨ ਸਥਾਨਕ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਈ ਵਾਰ ਜਲਭਰਾਅ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਜਾਂਦੀ ਸੀ।
ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰੋਜੈਕਟ ਨੂੰ ਤਰਜੀਹੀ ਆਧਾਰ 'ਤੇ ਮਨਜ਼ੂਰੀ ਦਿੱਤੀ ਗਈ ਸੀ। ਪ੍ਰੋਜੈਕਟ ਤਹਿਤ ਸ਼ਿਮਲਾ ਪਹਾੜੀ ਇਲਾਕੇ ਤੋਂ ਭੰਗੀ ਚੋਅ ਤੱਕ ਵਿਸ਼ੇਸ਼ ਪਾਈਪਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਬਰਸਾਤੀ ਪਾਣੀ ਨੂੰ ਸਿੱਧਾ ਭੰਗੀ ਚੋਅ ਵਿੱਚ ਛੱਡਿਆ ਜਾਵੇਗਾ। ਇਸ ਨਾਲ ਚੌਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਾਣੀ ਇਕੱਠਾ ਨਹੀਂ ਹੋਵੇਗਾ ਅਤੇ ਬਰਸਾਤ ਦੇ ਦਿਨਾਂ ਵਿੱਚ ਆਵਾਜਾਈ ਸੁਚਾਰੂ ਰਹੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕ ਸਹੂਲਤਾਂ ਦੇ ਵਿਸਥਾਰ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਨਵੀਂ ਵਿਵਸਥਾ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਆਪਣੀ ਪ੍ਰਭਾਵਸ਼ੀਲਤਾ ਸਾਬਤ ਕਰੇਗੀ ਅਤੇ ਇਲਾਕੇ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਖਤਮ ਕਰ ਦੇਵੇਗੀ।
ਉਦਘਾਟਨ ਸਮਾਗਮ ਦੌਰਾਨ ਸਥਾਨਕ ਲੋਕਾਂ ਨੇ ਵੀ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ 'ਤੇ ਖੁਸ਼ੀ ਜਤਾਈ ਅਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ।