ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਵਿਧਾਨ ਸਭਾ ਹਲਕਾ 043 ਹੁਸ਼ਿਆਰਪੁਰ ਵਿੱਚ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.)-ਕਮ-ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਲੋਕਤੰਤਰ, ਵੋਟ ਦੇ ਅਧਿਕਾਰ, ਨੈਤਿਕ ਵੋਟਿੰਗ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਵਿਸ਼ਿਆਂ ’ਤੇ ਆਪਣੇ ਵਿਚਾਰ ਅਤੇ ਗਿਆਨ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਅਤੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ ਨਾਲ ਸਵੈ-ਸੇਵਕਾਂ ਵਜੋਂ ਜੁੜਨ ਅਤੇ ਸਮਾਜ ਵਿੱਚ ਵੱਧ ਤੋਂ ਵੱਧ ਮਤਦਾਨ ਤੇ ਨੈਤਿਕ ਵੋਟਿੰਗ ਦਾ ਸੁਨੇਹਾ ਪਹੁੰਚਾਉਣ ਲਈ ਪ੍ਰੇਰਿਤ ਕੀਤਾ।

ਐੱਸ.ਡੀ.ਐੱਮ. ਨੇ ਕਿਹਾ ਕਿ ਵੋਟ ਪਾਉਣਾ ਸਿਰਫ਼ ਅਧਿਕਾਰ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਨੌਜਵਾਨਾਂ ਨੂੰ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।