ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ, 2026:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।
ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਬਹੁ-ਪੱਖੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁਕੰਮਲ ਖਾਤਮਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਪ੍ਰਸ਼ਾਸਨ, ਪੁਲਿਸ, ਪੰਚਾਇਤਾਂ, ਸਮਾਜਿਕ ਸੰਸਥਾਵਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਕੋਆਰਡੀਨੇਟਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾਵੇ। ਜਿਹੜੇ ਪਿੰਡਾਂ ਵਿੱਚ ਅਜੇ ਵਿਲੇਜ਼ ਡਿਫੈਂਸ ਕਮੇਟੀਆਂ ਨਹੀਂ ਬਣਾਈਆਂ ਗਈਆਂ, ਜਲਦ ਬਣਾਈਆਂ ਜਾਣ ਅਤੇ ਬਣ ਚੁੱਕੀਆਂ ਕਮੇਟੀਆਂ ਦੀ ਵੈਰੀਫਿਕੇਸ਼ਨ ਕਰਵਾਈ ਜਾਵੇ ਅਤੇ ਆਪਸੀ ਤਾਲਮੇਲ ਲਈ ਵਟਸਐਪ ਗਰੁੱਪ ਬਣਾਏ ਜਾਣ, ਤਾਂ ਜੋ ਨਸ਼ਿਆਂ ਦੇ ਖਾਤਮੇ ਵਿਰੁੱਧ ਕੀਤੀਆਂ ਜਾ ਰਹੀਆਂ ਗਤਵਿਧੀਆ ਬਾਰੇ ਹੋਰ ਸੁਚਾਰੂ ਢੰਗ ਨਾਲ ਕੰਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਜਿੱਥੇ ਕਿਤੇ ਕੋਈ ਕਮੀ ਰਹਿ ਗਈ ਹੋਵੇ, ਉਸ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਂਦੇ ਹੋਏ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਲੇਜ਼ ਡਿਫੈਂਸ ਕਮੇਟੀਆਂ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ’ਤੇ ਅਹਿਮ ਕੜੀ ਵਜੋਂ ਕੰਮ ਕਰ ਸਕਦੀਆਂ ਹਨ। ਇਨ੍ਹਾਂ ਕਮੇਟੀਆਂ ਵੱਲੋਂ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਜਾਗਰੂਕ ਕਰਨ, ਸ਼ੱਕੀ ਗਤੀਵਿਧੀਆਂ ਬਾਰੇ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਕਮੇਟੀਆਂ ਨੂੰ ਆਪਣੀ ਭੂਮਿਕਾ ਹੋਰ ਸਰਗਰਮੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਨਸ਼ਿਆਂ ਦੀ ਰੋਕਥਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਨਾਲ ਸਬੰਧਤ ਸੇਵਾਵਾਂ, ਜਾਗਰੂਕਤਾ ਗਤੀਵਿਧੀਆਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਨਸ਼ੇ ਛੱਡ ਚੁੱਕੇ ਵਿਅਕਤੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ, ਪੁਲਿਸ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਿਆ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ.ਡੀ.ਐਮ.ਮੋਹਾਲੀ, ਦਮਨਦੀਪ ਕੌਰ, ਐਸ.ਡੀ.ਐਮ. ਬਨੂੰੜ, ਰਮਨਦੀਪ ਕੌਰ, ਸਿਵਲ ਸਰਜਨ, ਸੰਗੀਤਾ ਜੈਨ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ੋਨ ਇੰਚਾਰਜ ਅਨੂ ਬੱਬਰ, ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਿਲ ਸਨ।
