67ਵੀਆਂ ਨੈਸ਼ਨਲ ਸਕੂਲ ਖੇਡਾਂ (ਬਾਸਕਟਬਾਲ) ਅੰਡਰ 19 ਮੁਕਾਬਲੇ ਅੱਜ ਤੋਂ ਪਟਿਆਲਾ ਵਿੱਚ

ਪਟਿਆਲਾ, 5 ਜਨਵਰੀ - ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਬ੍ਰਾਂਚ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ  ਦੇ ਸਹਿਯੋਗ ਨਾਲ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਅਧੀਨ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕਿਆਂ ਦੀਆਂ ਅੰਡਰ-19 ਟੀਮਾਂ ਦੇ ਮੁਕਾਬਲੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ 6 ਜਨਵਰੀ ਤੋਂ ਸ਼ੁਰੂ ਹੋ ਰਹੇ ਹਨ।
  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਦੱਸਿਆ ਕਿ 6 ਜਨਵਰੀ ਨੂੰ ਖੇਡਾਂ ਦਾ ਉਦਘਾਟਨ ਡਾ: ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਕਰਨਗੇ। ਇਸ ਮੌਕੇ ਭਾਰਤ ਦੇ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਟੀਮਾਂ ਭਾਗ ਲੈ ਰਹੀਆਂ ਹਨ। 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਉਦਘਾਟਨ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਪਟਿਆਲਾ ਦੇ ਸਕੂਲਾਂ ਵੱਲੋਂ ਪੰਜਾਬੀ ਸੱਭਿਆਚਾਰ ਦਾ ਪ੍ਰਦਰਸ਼ਨ ਕਰਨ ਲਈ ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਦੀ ਤਿਆਰੀ ਲਈ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।
  ਇਸ ਮੌਕੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ, ਦਲਜੀਤ ਸਿੰਘ ਸਪੋਰਟਸ ਅਫ਼ਸਰ, ਨਰਿੰਦਰ ਸਿੰਘ ਤੇ  ਵੱਖੋ-ਵੱਖ ਕਮੇਟੀਆਂ ਦੇ ਮੈਂਬਰ ਅਧਿਆਪਕ ਵੀ ਮੌਜੂਦ ਸਨ।