80ਵਾਂ ਆਜ਼ਾਦੀ ਦਿਹਾੜਾ ਪੰਜਾਬ ਦੇ ਜੇਲ੍ਹਾਂ ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ ਰਵਜੋਤ ਸਿੰਘ ਨੇ ਹੁਸ਼ਿਆਰਪੁਰ ਚ ਲਹਿਰਾਇਆ ਤਿਰੰਗਾ

ਹੁਸ਼ਿਆਰਪੁਰ, 16 ਅਗਸਤ:- ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ, ਜਿਸ ਕਰਕੇ ਪੰਜਾਬ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਵਿਸ਼ੇਸ਼ ਥਾਂ ਰੱਖਦਾ ਹੈ।
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇ ਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਆਜ਼ਾਦੀ ਲਈ ਲੜੇ ਗਏ ਘੋਲ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

**ਸ਼ਹੀਦ ਪਰਿਵਾਰਾਂ ਅਤੇ ਮਹਿਲਾਵਾਂ ਦੀ ਭਲਾਈ ਲਈ ਉਪਰਾਲੇ
ਪੰਜਾਬ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗਰੇਸ਼ੀਆ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ ਇੱਕ ਕਰੋੜ ਰੁਪਏ ਕੀਤੀ ਗਈ ਹੈ। ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਵੀ 9,400 ਰੁਪਏ ਤੋਂ ਵਧਾ ਕੇ 11,000 ਰੁਪਏ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ ਰਾਜ ਅੰਦਰ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ 28,734 ਸਵੈ-ਸਹਾਇਤਾ ਗਰੁੱਪ ਬਣੇ ਹਨ, ਜਿਨ੍ਹਾਂ ਰਾਹੀਂ ਲਗਭਗ 3 ਲੱਖ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਵਿੱਚ ਸਹਾਇਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਪੂਰੀ ਤਰ੍ਹਾਂ ਬਰਕਰਾਰ ਹੈ।
ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਾਲ 2025-26 ਦੌਰਾਨ 62 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਕਰਵਾਈ ਗਈ ਹੈ।

**ਸਿਹਤ, ਸਿੱਖਿਆ ਅਤੇ ਆਵਾਜਾਈ ਖੇਤਰ ਵਿੱਚ ਉਪਰਾਲੇ
ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਬਾਰੇ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ 2,800 ਨਵੇਂ ਡੀਪੂ ਹੋਲਡਰਾਂ ਨੂੰ ਲਾਇਸੰਸ ਸੌਂਪੇ ਗਏ ਹਨ। ਨਵੇਂ ਰਾਸ਼ਨ ਡੀਪੂਆਂ ਨਾਲ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਰਾਜ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਅਲਾਮਤ ਤੋਂ ਦੂਰ ਰਹਿ ਸਕਣ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਵੱਲੋਂ 25 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਪ੍ਰਦਾਨ ਕਰਕੇ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇ.ਏ.ਈ. ਮੇਨ, 64 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰਾਇਮਰੀ ਅਤੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿੱਚ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਆਵਾਜਾਈ ਹਰ ਖੇਤਰ ਦੀ ਤਰੱਕੀ ਲਈ ਬੇਹੱਦ ਕਾਰਗਰ ਹੁੰਦੀ ਹੈ ਅਤੇ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 1,279 ਨਵੀਆਂ ਬੱਸਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ ਵੱਧ ਕੇ 3,546 ਹੋ ਜਾਵੇਗੀ।

**ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ
ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ ’ਤੇ ਇਸ ਵਾਰ 2,670 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗਰਾਂਟ ਦੇ ਹਿਸਾਬ ਨਾਲ 133 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਘਰਾਂ ਨੇੜੇ ਹੀ ਸੇਵਾ ਕੇਂਦਰਾਂ ਰਾਹੀਂ 437 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ 1076 ’ਤੇ ਕਾਲ ਕਰਕੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ‘ਈਜ਼ੀ ਰਜਿਸਟਰੀ’ ਪ੍ਰੋਜੈਕਟ ਰਾਹੀਂ ਪਾਰਦਰਸ਼ੀ ਢੰਗ ਨਾਲ ਹੁਣ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਖ-ਵੱਖ ਸੁਧਾਰਾਂ ਤਹਿਤ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇਣ ਵਾਲੀਆਂ ਥਾਵਾਂ ਨਹੀਂ, ਸਗੋਂ ਸੁਰੱਖਿਆ, ਆਧੁਨਿਕਤਾ, ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਜੋਂ ਵਿਕਸਿਤ ਕਰਨ ਦਾ ਉਦੇਸ਼ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 14 ਲੱਖ ਖੇਤੀ ਟਿਊਬਵੈਲਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਤਹਿਤ ਸਾਲ 2025-26 ਦੌਰਾਨ 9,992 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟਿਆਂ ਤੋਂ ਵੱਧ ਸਮੇਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਅੰਦਰ 60.30 ਲੱਖ ਏਕੜ ਲਈ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਵਿਵਸਥਾ ਕੀਤੀ ਗਈ ਹੈ, ਜਿਸ ’ਤੇ 7,200 ਕਰੋੜ ਰੁਪਏ ਖਰਚੇ ਗਏ ਹਨ।

**ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਆਪਣੀਆਂ ਸਮੱਸਿਆਵਾਂ ਵਟਸਐਪ ਨੰਬਰ 90560-09884 ’ਤੇ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਆਨਲਾਈਨ ਸਿਸਟਮ ਰਾਹੀਂ ਹੁਣ ਤੱਕ 21,103 ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕੀਤਾ ਗਿਆ ਹੈ।

**ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੋਈ ਲੋਕ ਭਾਵਨਾਵਾਂ ਦੇ ਅਨੁਕੂਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਹਰ ਜ਼ਿਲ੍ਹੇ ਵਿੱਚ ਸਾਢੇ 6 ਲੱਖ ਬੂਟੇ ਲਾਉਣ ਅਤੇ ਸਾਢੇ 6 ਲੱਖ ਯਾਦਗਾਰੀ ਝੰਡੇ ਵੰਡਣ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ 53 ਨਾਨਕ ਬਗੀਚੀਆਂ, 6 ਪਵਿੱਤਰ ਵਣ ਅਤੇ ਸੜਕਾਂ ਦੇ ਕਿਨਾਰੇ ਲਗਭਗ 5 ਹਜ਼ਾਰ ਬੂਟੇ ਲਾਏ ਜਾ ਰਹੇ ਹਨ।

**ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਰਹੇਗੀ ਛੁੱਟੀ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ’ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸੋਮਵਾਰ, 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਸਮੇਤ ਜਿਪਸੀ ਵਿੱਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ।
ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਅਤੇ ਸੈਕੰਡ-ਇਨ-ਕਮਾਂਡ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਮਹਿਲਾ ਵਿੰਗ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 12 ਪੰਜਾਬ ਬਟਾਲੀਅਨ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦਾ ਬੈਂਡ ਮਾਰਚ ਪਾਸਟ ਵਿੱਚ ਸ਼ਾਮਲ ਸੀ।
ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਬੈਕਫਿੰਕੋ ਪੰਜਾਬ ਸੰਦੀਪ ਸੈਣੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕਿਟ ਕਮੇਟੀ ਹੁਸ਼ਿਆਰਪੁਰ ਜਸਪਾਲ ਸਿੰਘ ਚੇਚੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਹੋਰ ਅਧਿਕਾਰੀ ਮੌਜੂਦ ਸਨ।