ਏਡੀਸੀ ਵੱਲੋਂ ਮੋਹਾਲੀ ਚ ਨਵੇਂ ਚੁਣੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ, 2026: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਾਕ ਖਰੜ, ਮਾਜਰੀ ਅਤੇ ਡੇਰਾਬੱਸੀ ਦੇ ਨਵੇਂ ਚੁਣੇ 52 ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਨੇ ਸਮੁੱਚੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਹੋਈ ਧੜੇਬੰਦੀ ਨੂੰ ਭੁੱਲ ਕੇ, ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ।
ਸਮਾਰੋਹ ਦੌਰਾਨ ਮੈਂਬਰਾਂ ਨੇ ਸੰਵਿਧਾਨਕ ਦਾਇਰੇ ਵਿੱਚ ਰਹਿੰਦੇ ਹੋਏ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਵਚਨ ਦਿੱਤਾ।
ਇਸ ਮੌਕੇ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡ ਪੱਧਰ ’ਤੇ ਵਿਕਾਸ ਯੋਜਨਾਵਾਂ ਤਿਆਰ ਕਰਨ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂਬਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਭੇਦਭਾਵ ਸਿੱਖਿਆ, ਸਿਹਤ, ਸਫ਼ਾਈ, ਪੀਣ ਯੋਗ ਪਾਣੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯਤਨ ਕਰਨ।
ਉਨ੍ਹਾਂ ਨੇ ਬਲਾਕ ਸੰਮਤੀ ਵਿੱਚ ਚੁਣੀਆਂ ਗਈਆਂ ਮਹਿਲਾ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫਰਜ਼ਾਂ ਨੂੰ ਸਮਝਦਿਆਂ ਖੁਦ ਅੱਗੇ ਆ ਕੇ ਕੰਮ ਕਰਨ ਤਾਂ ਜੋ ਉਹ ਆਤਮਨਿਰਭਰ ਬਣ ਸਕਣ।
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਮ ਚੌਧਰੀ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਪੇਂਡੂ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਹ ਸੰਸਥਾਵਾਂ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਕੇਂਦਰੀ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਟੀਮ ਵਰਕ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਨਾਲ ਮਿਲਜੁਲ ਕੇ ਕੰਮ ਕਰਨ ਨਾਲ ਹੀ ਵਿਕਾਸ ਕਾਰਜਾਂ ਨੂੰ ਗਤੀ ਮਿਲ ਸਕਦੀ ਹੈ।
ਉਨ੍ਹਾਂ ਨੇ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਦਿਹਾਤੀ ਬੁਨਿਆਦੀ ਢਾਂਚਾ ਵਿਕਾਸ, ਰੋਜ਼ਗਾਰ ਉਤਪੱਤੀ ਅਤੇ ਸਮਾਜਿਕ ਸੁਰੱਖਿਆ ਵਰਗੀਆਂ ਯੋਜਨਾਵਾਂ ਦਾ ਲਾਭ ਹੱਕਦਾਰਾਂ ਤੱਕ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਵੇ।
ਇਸ ਮੌਕੇ ਡੀ.ਡੀ.ਪੀ.ਓ. ਮੋਹਾਲੀ ਪਰਮਬੀਰ ਕੌਰ, ਬੀ.ਡੀ.ਪੀ.ਓ. ਖਰੜ ਮਹਿਕਮੀਤ ਸਿੰਘ ਅਤੇ ਬੀ.ਡੀ.ਪੀ.ਓ. ਮਾਜਰੀ ਰਾਜਵਿੰਦਰ ਸਿੰਘ ਵੀ ਹਾਜ਼ਰ ਸਨ। ਅੰਤ ਵਿੱਚ ਨਵੇਂ ਚੁਣੇ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਨਗੇ।