ਮਿਊਂਸਿਪਲ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਨਿਕਾਸ ਕੁਮਾਰ
ਹੁਸ਼ਿਆਰਪੁਰ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਅੱਜ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਮਿਊਂਸਿਪਲ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਨਿਕਾਸ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਚੋਣਾਂ ਨਾਲ ਸਬੰਧਿਤ ਵੱਖ-ਵੱਖ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਆਪਣੀ ਡਿਊਟੀ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ, ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣਾ ਸਾਰੇ ਅਧਿਕਾਰੀਆਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 16 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਇਸ ਤੋਂ ਬਾਅਦ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 19 ਮਈ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਮੀਟਿੰਗ ਦੌਰਾਨ ਚੋਣ ਡਿਊਟੀ, ਪੋਲਿੰਗ ਸਟਾਫ ਦੀ ਨਿਯੁਕਤੀ, ਸੁਰੱਖਿਆ ਪ੍ਰਬੰਧ, ਵੋਟਿੰਗ ਕੇਂਦਰਾਂ ਦੀਆਂ ਵਿਵਸਥਾਵਾਂ, ਚੋਣ ਸਮੱਗਰੀ ਦੀ ਉਪਲਬਧਤਾ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਮਸਲਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
