ਡਾਇਰੈਕਟਰ ਸੈਂਸਜ ਓਪਰੇਸ਼ਨਜ਼ ਪੰਜਾਬ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਜਨਗਣਨਾ2027 ਦੇ ਫੇਜ਼2 ਜਨਸੰਖਿਆ ਗਣਨਾ ਦੀਆਂ ਤਿਆਰੀਆਂ ਦਾ ਜਾਇਜ਼ਾ
ਸੰਗਰੂਰ, 3 ਸਤੰਬਰ:- ਪੰਜਾਬ ਦੇ ਡਾਇਰੈਕਟਰ ਸੈਂਸਜ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਨਵਜੋਤ ਖੋਸਾ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਸੰਗਰੂਰ ਵਿੱਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਸਮੇਤ ਸਮੂਹ ਐਸ.ਡੀ.ਐਮਜ਼, ਸਬੰਧਤ ਅਧਿਕਾਰੀ, ਚਾਰਜ ਅਫ਼ਸਰ ਅਤੇ ਜਨਗਣਨਾ ਨਾਲ ਸਬੰਧਤ ਅਮਲਾ ਹਾਜ਼ਰ ਸੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਨਵਜੋਤ ਖੋਸਾ ਨੇ ਜ਼ਿਲ੍ਹੇ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀਆਂ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਚਾਰਜ ਅਫ਼ਸਰਾਂ ਅਤੇ ਫੀਲਡ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ-2027 ਦੇ ਬਾਕੀ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਲਈ ਅਗਾਊਂ ਯੋਜਨਾਬੰਦੀ ਅਤੇ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ।
ਡਾਇਰੈਕਟਰ ਸੈਂਸਜ ਓਪਰੇਸ਼ਨਜ਼ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਗਣਨਾ ਨਾਲ ਸਬੰਧਤ ਅਮਲੇ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੰਗਰੂਰ ਜ਼ਿਲ੍ਹਾ ਜਨਗਣਨਾ-2027 ਦੇ ਫੇਜ਼-2 ਨਾਲ ਸਬੰਧਤ ਸਾਰੇ ਕਾਰਜ ਵੀ ਸਫ਼ਲਤਾਪੂਰਵਕ ਨੇਪਰੇ ਚੜ੍ਹਾਏ ਜਾਣਗੇ।
ਚੀਫ਼ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਨਵਜੋਤ ਖੋਸਾ ਨੇ ਪ੍ਰਿੰਸੀਪਲ ਸੈਂਸਜ ਅਫ਼ਸਰਾਂ ਅਤੇ ਸੈਂਸਜ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜਨਸੰਖਿਆ ਗਣਨਾ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਅਤੇ ਸਬੰਧਤ ਅਮਲੇ ਨੂੰ ਇਸ ਕਾਰਜ ਲਈ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਨਸੰਖਿਆ ਗਣਨਾ ਇੱਕ ਬਹੁਤ ਮਹੱਤਵਪੂਰਨ ਕਾਰਜ ਹੈ, ਜਿਸ ਲਈ ਹਰ ਪੱਧਰ ’ਤੇ ਸਪੱਸ਼ਟ ਯੋਜਨਾਬੰਦੀ, ਬਿਹਤਰ ਤਾਲਮੇਲ ਅਤੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ ਪੂਨਮਦੀਪ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅੰਦਰ ਜਨਗਣਨਾ ਨਾਲ ਸਬੰਧਤ ਸਾਰੇ ਕਾਰਜ ਮੁਕੰਮਲ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਦੇ ਰਜਿਸਟਰਾਰ ਜਨਰਲ ਅਤੇ ਸੈਂਸਜ ਕਮਿਸ਼ਨਰ ਦੇ ਦਫ਼ਤਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਗਣਨਾ ਦਾ ਕੰਮ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਹੀ ਅਤੇ ਭਰੋਸੇਯੋਗ ਅੰਕੜਿਆਂ ਦੀ ਪ੍ਰਾਪਤੀ ਯਕੀਨੀ ਬਣਾਈ ਜਾ ਸਕੇ।
ਮੀਟਿੰਗ ਦੌਰਾਨ ਜਨਗਣਨਾ-2027 ਦੇ ਫੇਜ਼-2 ਤਹਿਤ ਜਨਸੰਖਿਆ ਗਣਨਾ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸਥਾਰਪੂਰਵਕ ਰੋਡਮੈਪ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ ’ਤੇ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ।
ਬੈਠਕ ਮੌਕੇ ਚਾਰਜ ਸੈਂਸਜ ਅਫ਼ਸਰ, ਕਾਰਜ ਸਾਧਕ ਅਫ਼ਸਰ ਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
