ਸ੍ਰੀ ਅਕਾਲ ਤਖ਼ਤ ਸਾਹਿਬ ਸਬੰਧੀ ਮੁੱਦੇ ਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ
ਐਸ.ਏ.ਐਸ. ਨਗਰ, 24 ਜੂਨ:- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਰਹੇ ਹਨ, ਜਿਸ ਨੂੰ ਸਿੱਖ ਕੌਮ ਅਤੇ ਸਮੁੱਚਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਪਿੰਡ ਸੈਦਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਵੀ ਜਾਣਬੁੱਝ ਕੇ ਲੋਕ ਮਿਲਣੀਆਂ ਦੇ ਨਾਂ ’ਤੇ ਇਕੱਠ ਕਰਕੇ ਸਰਵਉੱਚ ਸੰਸਥਾ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੰਥ ਵਿਰੋਧੀ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਡਰਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਸਰਵਉੱਚ ਅਸਥਾਨ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਲੈਬ ਦੀ ਰਿਪੋਰਟ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਆਦੇਸ਼ ਨੂੰ ਨਾ ਮੰਨ ਕੇ ਮੁੱਖ ਮੰਤਰੀ ਮੀਰੀ-ਪੀਰੀ ਦੇ ਅਸਥਾਨ ਨੂੰ ਚੁਣੌਤੀ ਦੇ ਰਹੇ ਹਨ।
ਬੀਬੀ ਲਾਡਰਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਹੈ, ਉਸ ਦਾ ਹਸ਼ਰ ਬੁਰਾ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੱਦ ਛੱਡ ਕੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਭੁੱਲ ਬਖ਼ਸ਼ਾਉਣ।
ਇਸ ਇਕੱਠ ਵਿੱਚ ਬੀਬੀ ਬਲਜਿੰਦਰ ਕੌਰ ਸੈਦਪੁਰ, ਬਲਜਿੰਦਰ ਸਿੰਘ, ਮਾਸਟਰ ਰਣਧੀਰ ਸਿੰਘ, ਹਲਕਾ ਮੁਹਾਲੀ ਯੂਥ ਪ੍ਰਧਾਨ ਬਬਨ ਚੌਧਰੀ, ਬਹਾਦਰ ਸਿੰਘ ਨਾਨੂੰਮਾਜਰਾ, ਹਰਵਿੰਦਰ ਸਿੰਘ ਲੰਬੜਦਾਰ, ਜਗਤਾਰ ਸਿੰਘ ਕੁੰਬੜਾ, ਬਲਜੀਤ ਸਿੰਘ ਦੈੜੀ, ਹਰਪਾਲ ਸਿੰਘ ਬਠਲਾਣਾ, ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ, ਜਗਤਾਰ ਸਿੰਘ, ਪਰਵਿੰਦਰ ਸਿੰਘ ਅਤੇ ਸਾਹਿਬਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਅਕਾਲੀ ਆਗੂ ਹਾਜ਼ਰ ਸਨ।
