ਅੰਮ੍ਰਿਤਸਰ ਪੁਲੀਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ 7 ਪਿਸਤੌਲ ਬਰਾਮਦ

ਅੰਮ੍ਰਿਤਸਰ:- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ 40 ਜ਼ਿੰਦਾ ਕਾਰਤੂਸਾਂ ਸਮੇਤ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਇਸ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਨ ਲਈ ਸਰਹੱਦ ਪਾਰ ਦੇ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਇਸ ਸਬੰਧ ਵਿੱਚ ਪੁਲੀਸ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਹੋਰ ਸਬੰਧਾ ਦਾ ਪਤਾ ਕਰਨ ਲਈ ਹੋਰ ਜਾਂਚ ਜਾਰੀ ਹੈ।
ਉਨ੍ਹਾਂ ਆਖਿਆ ਕਿ ਪੰਜਾਬ ਪੁਲੀਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਸਰਹੱਦ ਪਾਰ ਅਪਰਾਧਿਕ ਨੈੱਟਵਰਕਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।