ਰਾਜਾ ਵੜਿੰਗ ਦੇ ਪ੍ਰੋਗਰਾਮਾਂ ਦੇ ਬਾਈਕਾਟ ਦਾ ਐਲਾਨ ਵੜਿੰਗ ਵਿਰੋਧੀ ਧੜੇ ਨੇ ਕੀਤੀ ਮੀਟਿੰਗ
ਚੰਡੀਗੜ੍ਹ:- ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖ਼ਿਲਾਫ਼ ਵਿਰੋਧੀ ਧੜਾ ਇੱਕਜੁੱਟ ਹੋ ਗਿਆ ਹੈ। ਅਹਿਮ ਸੂਤਰਾਂ ਅਨੁਸਾਰ ਵਿਰੋਧੀ ਧੜਿਆਂ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਹੋਈ ਅਹਿਮ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਹੈ ਕਿ ਵੜਿੰਗ ਵਿਰੋਧੀ ਧੜੇ ਦਾ ਕੋਈ ਵੀ ਆਗੂ ਰਾਜਾ ਵੜਿੰਗ ਦੀ ਅਗਵਾਈ ’ਚ ਹੋਣ ਵਾਲੇ ਪ੍ਰੋਗਰਾਮਾਂ ’ਚ ਸ਼ਾਮਲ ਨਹੀਂ ਹੋਵੇਗਾ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਇਕੱਠ ਮਗਰੋਂ ਕਾਂਗਰਸ ਦੀ ਪ੍ਰਧਾਨਗੀ ਦੇ ਦਾਅਵੇਦਾਰਾਂ ਨੇ ਆਪਸ ’ਚ ਹੱਥ ਮਿਲਾ ਲਏ ਹਨ। ਅੱਜ ਮੁਹਾਲੀ ’ਚ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਹੈ।
ਮੁਹਾਲੀ ਵਿੱਚ ਹੋਈ ਮੀਟਿੰਗ
ਮੁਹਾਲੀ ਮੀਟਿੰਗ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਪਰਗਟ ਸਿੰਘ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਵਿਧਾਇਕ ਕੁਲਦੀਪ ਸਿੰਘ ਢਿੱਲੋਂ ਸਮੇਤ ਦਰਜਨਾਂ ਆਗੂ ਸ਼ਾਮਲ ਹੋਏ। ਮੀਟਿੰਗ ’ਚ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਅੱਜ ਕਿਸੇ ਚੋਣ ਦੇ ਰੁਝੇਵੇਂ ਕਾਰਨ ਸ਼ਾਮਲ ਨਹੀਂ ਸਨ ਪ੍ਰੰਤੂ ਉਨ੍ਹਾਂ ਦੇ ਨੇੜਲੇ ਵਿਧਾਇਕ ਲਾਡੀ ਸ਼ੇਰੋਵਾਲੀਆ ਇਸ ਮੀਟਿੰਗ ’ਚ ਹਾਜ਼ਰ ਸਨ।
