ਡੇਂਗੂਵਿਰੋਧੀ ਮੁਹਿੰਮ ਸਿਵਲ ਸਰਜਨ ਵਲੋਂ ਸੋਹਾਣਾ ਦੇ ਸਰਕਾਰੀ ਸਕੂਲ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਸਤੰਬਰ:- ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਡੇਂਗੂ-ਵਿਰੋਧੀ ਮੁਹਿੰਮ ਤਹਿਤ ਟੀਮਾਂ ਨੇ ਅੱਜ ਵੱਖ ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਟੀਮਾਂ ਨੇ ਸਕੂਲਾਂ ਵਿਚ ਪਾਣੀ ਇਕੱਤਰ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ’ਤੇ ਨਿਰੀਖਣ ਕੀਤਾ । ਜਿਥੇ ਪਾਣੀ ਖੜਾ ਸੀ, ਉਥੇ ਦਵਾਈ ਦਾ ਛਿੜਕਾਅ ਕੀਤਾ ਗਿਆ। ਟੀਮਾਂ ਨੇ ਗਮਲੇ, ਕੂਲਰ, ਫ਼ਰਿੱਜ ਅਤੇ ਹੋਰ ਕੰਟੇਨਰ ਚੈੱਕ ਕੀਤੇ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ।
ਡਾ. ਜੈਨ ਨੇ ਖ਼ੁਦ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦਾ ਦੌਰਾ ਕੀਤਾ। ਉਨ੍ਹਾਂ ਨਾਲ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਵੀ ਸਨ। ਸਿਵਲ ਸਰਜਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜਕਲ੍ਹ ਦੇ ਮੌਸਮ ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੇ ਪੈਦਾ ਹੋਣ ਦੀ ਪੂਰੀ ਸੰਭਾਵਨਾ ਹੁੰਦੀ ਹੈ, ਇਸ ਲਈ ਵਧੇਰੇ ਚੌਕਸੀ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਸਕੂਲ ਤੋਂ ਇਲਾਵਾ ਆਪਣੇ ਘਰ ਅਤੇ ਆਂਢ-ਗੁਆਂਢ ਵਿਚ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣ। ਜ਼ਿਕਰਯੋਗ ਹੈ ਕਿ ਚੈਕਿੰਗ ਦੌਰਾਨ ਇਸ ਸਕੂਲ ਵਿਚ ਕਿਸੇ ਵੀ ਥਾਂ ਮੱਛਰ ਦਾ ਲਾਰਵਾ ਨਹੀਂ ਮਿਲਿਆ।
ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਇਹ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰੑ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
**ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।
